ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 16 ਅਗਸਤ-
ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅੱਜ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਅਜ਼ਾਦੀ ਦੇ ਜ਼ਸ਼ਨ ਮਨਾਉਂਦਿਆਂ ਉਜਾੜੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੂੰ ਬਿਲਕੁਲ ਭੁੱਲ ਚੁੱਕੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਇਨ੍ਹਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ, ਕਿਉਂਕਿ ਪੌਣੀ ਸਦੀ ਦੌਰਾਨ ਹੁਕਮਰਾਨਾ ਨੇ ਕਦੇ ਵੀ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਨੂੰ ਯਾਦ ਨਹੀਂ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜੱਫਰਵਾਲ, ਫੈਡਰੇਸ਼ਨ ਆਗੂ ਸ. ਗੁਰਮਿੰਦਰ ਸਿੰਘ ਚਾਵਲਾ ਸਮੇਤ ਸੰਗਤਾਂ ਹਾਜ਼ਰ ਸਨ।