ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 5 ਸਤੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ ੧੧ ਸਤੰਬਰ ਤੋਂ ੧੭ ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਵੱਲੋਂ ਸੂਬੇ ਅੰਦਰ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਹਿਸਾਰ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤਾਂ ਨੂੰ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਦੀ ਸੰਥਿਆ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ। ਸ. ਬੇਦੀ ਨੇ ਦੱਸਿਆ ਕਿ ਸਮਾਪਤੀ ਵਾਲੇ ਦਿਨ ੧੭ ਸਤੰਬਰ ਨੂੰ ਸਵੇਰੇ ੬:੩੦ ਵਜੇ ਤੋਂ ਲੈ ਕੇ ੮:੩੦ ਤੀਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਨਦੀਪ ਸਿੰਘ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਭਾਈ ਮੰਗਪ੍ਰੀਤ ਸਿੰਘ, ਪ੍ਰਚਾਰਕ ਭਾਈ ਗੁਰਪਾਲ ਸਿੰਘ ਤੇ ਭਾਈ ਰਣਜੀਤ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਖਾਲਸਾ, ਬੀਬੀ ਅਮਰਜੀਤ ਕੌਰ ਬਾੜਾ ਅਤੇ ਜਥੇਦਾਰ ਤੇਜਿੰਦਰਪਾਲ ਸਿੰਘ ਲਾਡਵਾ ਵੱਲੋਂ ਸੰਗਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਜਪੁਜੀ ਸਾਹਿਬ ਦੀ ਸੰਥਿਆ ਪ੍ਰਾਪਤ ਕਰਨ ਦਾ ਲਾਭ ਉਠਾ ਸਕਣ।