** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 14 ਦਸੰਬਰ- ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਮੈਂਬਰ ਸ. ਗੁਰਮੀਤ ਸਿੰਘ ਬੂਹ ਨੇ ਸ੍ਰੀ ਦਰਬਾਰ ਸਾਹਿਬ ਪੁੱਜਣ ਉੱਤੇ ਸਵਾਗਤ ਤੇ ਸਨਮਾਨ ਕੀਤਾ।
ਇਸ ਦੌਰਾਨ ਗੱਲ ਕਰਦਿਆਂ ਵਫ਼ਦ ਦੇ ਆਗੂ ਸ. ਰਾਜਪਾਲ ਸਿੰਘ ਬਾਠ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਨਿਊ ਜਰਸੀ-ਇੰਡੀਆ ਕਮਿਸ਼ਨ ਵਿੱਚ ਸਮੂਹ ਭਾਈਚਾਰਿਆਂ ਦੇ ਲੋਕ ਸ਼ਾਮਲ ਹਨ ਅਤੇ ਇਸ ਕਮਿਸ਼ਨ ਦਾ ਕੰਮ ਆਪਸੀ ਕਾਰੋਬਾਰ, ਸੱਭਿਆਚਾਰ ਤੇ ਸਿੱਖਿਆ ਦੇ ਖੇਤਰ ਵਿੱਚ ਮੌਕਿਆਂ ਦੀ ਭਾਲ ਕਰਕੇ ਸਾਂਝ ਮਜ਼ਬੂਤ ਕਰਨਾ ਹੈ। ਸ. ਬਾਠ ਨੇ ਕਿਹਾ ਕਿ ਨਿਊ ਜਰਸੀ ਦੀ ਸਰਕਾਰ ਸਿੱਖਾਂ ਤੇ ਪੰਜਾਬੀਆਂ ਦਾ ਬਹੁਤ ਮਾਣ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਗੁਰੂ ਸਾਹਿਬ ਕੋਲ ਅਰਦਾਸ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ।
ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦਾ ਸਰਬ ਸਾਂਝਾ ਅਸਥਾਨ ਹੈ, ਜਿੱਥੇ ਬਿਨਾ ਕਿਸੇ ਵਿਤਕਰੇ ਤੇ ਭੇਦਭਾਵ ਤੋਂ ਪੂਰੀ ਦੁਨੀਆ ਤੋਂ ਲੋਕ ਆ ਕੇ ਨਤਮਸਤਕ ਹੁੰਦੇ ਹਨ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਮਿਸ਼ਨ ਇਸੇ ਤਰ੍ਹਾਂ ਆਪਸੀ ਸਾਂਝ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਸਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।