ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਅੰਮ੍ਰਿਤਸਰ, ੧੭ ਮਈ- ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ ਘਟੀਆ ਹਰਕਤ ਨੂੰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਰਾਰ ਦਿੰਦਿਆਂ ਆਖਿਆ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਨਿੱਜੀ ਤੌਰ ‘ਤੇ ਪਾਵਨ ਗੁਰਬਾਣੀ ਦੇ ਕਿਸੇ ਸ਼ਬਦ ਦਾ ਕਾਪੀ ਰਾਈਟ ਲਵੇ। ਉਨ੍ਹਾਂ ਕਿਹਾ ਕਿ ਅਜਿਹਾ ਹਰਗਿਜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਬਾਰੇ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਬਾਣੀ ਦਾ ਇਕ-ਇਕ ਸ਼ਬਦ ਸਿੱਖ ਸੰਗਤਾਂ ਦੇ ਨਾਲ-ਨਾਲ ਸਮੁੱਚੇ ਵਿਸ਼ਵ ਵਿਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਲਈ ਇਲਾਹੀ ਹੈ ਅਤੇ ਕੁਝ ਲੋਕ ਜਾਣ-ਬੁਝ ਕੇ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸ਼ਬਦ-ਗੁਰੂ ਨੂੰ ਮੰਨਣ ਵਾਲੀਆਂ ਸੰਗਤਾਂ ਇਹ ਕਦੀ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਜੋ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਮਾਨਵਤਾਂ ਵਿਚ ਵੰਡੀਆਂ ਪਾ ਰਹੇ ਹਨ, ਉਨ੍ਹਾਂ ਤੋਂ ਸੰਗਤ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ।