ਅੰਮ੍ਰਿਤਸਰ, 23 ਫਰਵਰੀ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਤਿਆਰ ਕੀਤੀ ਗਈ ਇਮਾਰਤ ਅੱਜ ਪੰਥਕ ਰਵਾਇਤਾਂ ਅਨੁਸਾਰ ਸੰਗਤ ਅਰਪਣ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਨਾਲ ਸਬੰਧਤ ਇਹ ਇਤਿਹਾਸਕ ਅਸਥਾਨ ਸਿੱਖ ਧਰਮ ਵਿਚ ਵੱਡੀ ਮਹੱਤਤਾ ਰੱਖਦਾ ਹੈ ਅਤੇ ਮੌਜੂਦਾ ਸਮੇਂ ਇਥੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁਲ੍ਹਣ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਇਥੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹੈ ਅਤ ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਤਿਆਰ ਕਰਵਾਈ ਗਈ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਕਰਵਾਉਣ ਲਈ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਰਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਨੇ ਕਾਰਸੇਵਾ ਸਮੇਂ ਸਹਿਯੋਗ ਕਰਨ ਵਾਲੀਆਂ ਅਤੇ ਪੁੱਜੀਆਂ ਸੰਗਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਇਤਿਹਾਸਕ ਖੂਹ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਆ ਕੇ ਬਿਰਾਜੇ ਸਨ, ਦੀ ਕਾਰਸੇਵਾ ਵੀ ਆਰੰਭ ਕੀਤੀ ਗਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਅਕਾਲੀ ਆਗੂ ਸ. ਰਵੀਕਰਨ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਬੀਬੀ ਜੋਗਿੰਦਰ ਕੌਰ, ਸ. ਗੁਰਵਿੰਦਰ ਸਿੰਘ ਸ਼ਾਮਪੁਰਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਰਤਨ ਸਿੰਘ ਜੱਫਰਵਾਲ, ਸ. ਸਰਵਨ ਸਿੰਘ ਅਗਵਾਨ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਜਗਤਾਰ ਸਿੰਘ ਤਰਨ ਤਾਰਨ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸ਼ਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਅਜੀਤ ਸਿੰਘ, ਬਾਬਾ ਮਹਿੰਗਾ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ, ਬਾਬਾ ਸਤਨਾਮ ਸਿੰਘ, ਬਾਬਾ ਨਿੰਦਰ ਸਿੰਘ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਬਾਬਾ ਬੁੱਧ ਸਿੰਘ ਨਿਕੇਘੁੰਮਣ, ਬਾਬਾ ਅਮਰੀਕ ਸਿੰਘ, ਬਾਬਾ ਰਜਿੰਦਰ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਰਣਜੀਤ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਹਰਵਿੰਦਰ ਸਿੰਘ, ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਬਿਕਰਮਜੀਤ ਸਿੰਘ ਝੰਗੀ, ਸ. ਇੰਦਰਬੀਰ ਸਿੰਘ ਵਾਲੀਆ, ਸ. ਰਜਿੰਦਰ ਸਿੰਘ ਬਾਠ, ਭਾਈ ਦਇਆ ਸਿੰਘ ਰਾਜਪੁਰਾ, ਭਾਈ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
