ਅੰਮ੍ਰਿਤਸਰ, 27 ਜੂਨ:- ਸੰਨ ੨੦੧੯ ਵਿਚ ਆ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਪੱਧਰ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲਦ ਹੀ ਆਰੰਭ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕ ਬਿਆਨ ਰਾਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਹੋਏ ਫੈਸਲੇ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਸਾਲਾ ਪ੍ਰਕਾਸ਼ ਪੁਰਬ ਨੂੰ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਇਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਇਕੱਤਰਤਾ ਜਲਦੀ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾਵੇਗੀ, ਜਿਸ ਵਿਚ ਸਥਾਨਕ ਆਗੂਆਂ ਅਤੇ ਸੰਗਤਾਂ ਦੇ ਸੁਝਾਅ ਪ੍ਰਾਪਤ ਕਰਕੇ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਗੁਰੂ ਹਨ ਅਤੇ ਉਨ੍ਹਾਂ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਸ਼ਮੂਲੀਅਤ ਲਈ ਵੱਡੀ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ।
ਪ੍ਰੋ: ਬਡੂੰਗਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਪੁੱਜਦੀ ਸੰਗਤ ਦੀ ਰਿਹਾਇਸ਼ ਲਈ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਅਕਾਲੀ ਮਾਰਕੀਟ ਵਾਲੀ ਜਗ੍ਹਾ ‘ਤੇ ਇਕ ਸਰਾਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਰੂਕਸ਼ੇਤਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਵੀ ਪੁਰਾਣੀ ਸਰਾਂ ਦੀ ਜਗ੍ਹਾ ਨਵੀਂ ਸਰਾਂ ਤਿਆਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸਦੀ ਕਾਰ ਸੇਵਾ ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਪਾਸੋਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਮਹਾਨ ਸ਼ਹੀਦਾਂ ਦੀ ਯਾਦ ਵਿਚ ਨਾਭਾ ਵਿਖੇ ਇਕ ਯਾਦਗਾਰ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।