ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ਨਿਚਰਵਾਰ, ੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਅੰਮ੍ਰਿਤਸਰ, 21 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਸਤਾਨ ਸਿੰਘ ਦੇ ਪਰਿਵਾਰ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਖਾਸਕਰ ਓਕਾਫ ਬੋਰਡ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭੂ-ਮਾਫੀਆ ਵੱਲੋਂ ਸਿੱਖ ਆਗੂ ਅਤੇ ਉਸ ਦੇ ਪਰਿਵਾਰ ’ਤੇ ਹਮਲਾ ਕਰਨਾ ਘਟਗਿਣਤੀਆਂ ਸਿੱਖਾਂ ਨਾਲ ਵੱਡਾ ਧੱਕਾ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਅੰਦਰ ਸ. ਮਸਤਾਨ ਸਿੰਘ ਵਰਗੇ ਜਾਣੇ-ਪਛਾਣੇ ਸਿੱਖ ਆਗੂ ਦਾ ਪਰਿਵਾਰ ਹੀ ਸੁਰੱਖਿਅਤ ਨਹੀਂ ਹੈ ਤਾਂ ਫਿਰ ਆਮ ਸਿੱਖ ਕਿਵੇਂ ਸੁਰੱਖਿਅਤ ਹੋ ਸਕਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਸਬੰਧ ਵਿਚ ਵਿਸ਼ੇਸ਼ ਧਿਆਨ ਦੇਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।