ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

DSC_1120 - Copy
ਅੰਮ੍ਰਿਤਸਰ, ੨੧ ਜਨਵਰੀ- ਪਾਕਿਸਤਾਨ ਦੇ ਸਿੱਖਾਂ ਦੇ ਇੱਕ ਤਿੰਨ ਮੈਂਬਰੀ ਵਫਦ ਨੇ ਅੱਜ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲ ਕੇ ਪਾਕਿਸਤਾਨ ਵੱਸਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ਸਬੰਧੀ ਗੱਲਬਾਤ ਕੀਤੀ। ਇਸ ਵਫਦ ਵਿਚ ਆਏ ਜਥੇ. ਪ੍ਰੀਤਮ ਸਿੰਘ ਪ੍ਰਧਾਨ ਸ੍ਰੀ ਗੁਰੂ ਰਾਮਦਾਸ ਸਿੰਘ ਸਭਾ ਨਨਕਾਣਾ ਸਾਹਿਬ (ਪਾਕਿਸਤਾਨ), ਸ. ਜਸਬੀਰ ਸਿੰਘ ਗੁਰਦੁਆਰਾ ਭਾਈ ਜੋਗਾ ਸਿੰਘ ਤੇ ਸ. ਮਨਮੋਹਣ ਸਿੰਘ ਨੂੰ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਵਫਦ ਦੇ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਮੁੱਖ ਦਫਤਰ ਵਿਖੇ ਵਫਦ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਨਾਲ ਗੰਭੀਰ ਵਿਚਾਰਾਂ ਕਰਦਿਆਂ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਮੁਬਾਰਕ ਧਰਤੀ ਪੂਜਣਯੋਗ ਹੈ ਅਤੇ ਅੱਜ ਉਨ੍ਹਾਂ ਨੂੰ ਭਾਰਤ ਸਥਿਤ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਮਾਨਸਿਕ ਤ੍ਰਿਪਤੀ ਪ੍ਰਾਪਤ ਹੋਈ ਹੈ। ਉਨ੍ਹਾਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਗੁ:ਪ੍ਰ: ਕਮੇਟੀ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਅਤੇ ਦੁਨੀਆਂ ਭਰ ਅੰਦਰ ਵੱਸਦੀ ਸਿੱਖ ਸੰਗਤ ਦੇ ਸਮੁੱਚੇ ਮਸਲਿਆਂ ਦੀ ਸੰਜੀਦਗੀ ਨਾਲ ਪੈਰਵਾਈ ਕਰਨ ਦੀ ਅਪੀਲ ਵੀ ਕੀਤੀ। ਵਫਦ ਦੇ ਮੈਂਬਰਾਂ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਦੱਸਿਆ ਕਿ ਭਾਰਤ ਆਉਣ ਲਈ ਪਾਕਿਸਤਾਨ ਦੇ ਸਿੱਖਾਂ ਨੂੰ ਵੀਜ਼ੇ ਸਬੰਧੀ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਭਾਰਤ ਸਰਕਾਰ ਨਾਲ ਗੱਲਬਾਤ ਕਰਕੇ ਵੀਜ਼ਾ ਪ੍ਰਣਾਲੀ ਦੇ ਸਰਲੀਕਰਨ ਲਈ ਯਤਨ ਕੀਤੇ ਜਾਣ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਪਹੁੰਚੇ ਸਿੱਖਾਂ ਦੇ ਦਰਸ਼ਨ ਕਰ ਕੇ ਅਥਾਨ ਪ੍ਰਸੰਨਤਾ ਮਿਲੀ ਹੈ। ਉਨ੍ਹਾਂ ਵਫਦ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪਾਕਿਸਤਾਨ ਦੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੁਰਜ਼ੋਰ ਯਤਨ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸ. ਰਣਜੀਤ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਸ. ਗੁਰਨਾਮ ਸਿੰਘ, ਸ. ਇੰਦਰ ਮੋਹਣ ਸਿੰਘ ਅਨਜਾਣ ਇੰਚਾਰਜ ਤੇ ਹੋਰ ਹਾਜ਼ਰ ਸਨ।