ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ
ਅੰਮ੍ਰਿਤਸਰ 23 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਦੇ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਜਾਣ ‘ਤੇ ਅਫ਼ਸੋਸ ਜ਼ਾਹਿਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀ ਵਾਲਤਾ ਦੇ ਪ੍ਰਤੀਕ ਹਨ ਤੇ ਇਹ ਸਭ ਧਰਮਾਂ ਲਈ ਸਤਿਕਾਰਤ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ‘ਚੋਂ ਚੋਰੀ ਹੋ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਹੈ ਕਿ ਸਰਕਾਰ ਘੱਟ ਗਿਣਤੀ ਸਿੱਖਾਂ ਨਾਲ ਆਏ ਦਿਨ ਹੋ ਰਹੇ ਕੋਝੇ ਮਜਾਕ ਦਾ ਕੋਈ ਢੁੱਕਵਾਂ ਹੱਲ਼ ਕੱਢਣ ਲਈ ਸੰਜੀਦਾ ਹੋਵੇ ਤਾਂ ਜੋ ਅਮਨ ਸਾਂਤੀ ਬਹਾਲ ਰੱਖੀ ਜਾ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਦੇ ਨਾਲ-ਨਾਲ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਵੀ ਰਾਫ਼ਤਾ ਕਾਇਮ ਕਰਕੇ ਹੋ ਰਹੀਆਂ ਦੁੱਖਦਾਈ ਘਟਨਾਵਾਂ ਨੂੰ ਠੱਲ੍ਹ ਪਾਉਣ ਦਾ ਯਤਨ ਕਰੇ।
ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਬ-ਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੀ ਤੁਰੰਤ ਭਾਲ ਕਰਕੇ ਸਬੰਧਿਤ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕਰੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਵੇ।