
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਵਕੀਲਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ, ਉਸ ਅਨੁਸਾਰ ਦੋਸ਼ੀਆਂ ਉੱਪਰ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਨੇ ਬੇਹੱਦ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਕੇ ਰਿਪੋਰਟ ਦਿੱਤੀ ਹੈ। ਇਸ ਰਿਪੋਰਟ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਬੇਹੱਦ ਸਖ਼ਤ ਹੈ ਅਤੇ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਹੀ ਕਾਰਵਾਈ ਕਰ ਰਹੀ ਹੈ।