ਅੰਮ੍ਰਿਤਸਰ, ੪ ਅਪ੍ਰੈਲ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾੜਾ ਸਾਹਿਬ ਦੇ ਨਜ਼ਦੀਕੀ ਪਿੰਡ ਘਲੋਟੀ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਰੋਕਣ ਲਈ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਬੇਸ਼ੱਕ ਅੱਗ ਲੱਗਣ ਦੇ ਕਾਰਨਾਂ ਸਬੰਧੀ ਜਾਂਚ ਹੋਣੀ ਚਾਹੀਦੀ ਹੈ ਪਰੰਤੂ ਗਰਮੀ ਦਾ ਮੌਸਮ ਆਉਣ ਕਾਰਨ ਗੁਰੂ ਘਰਾਂ ਅੰਦਰ ਲੱਗੇ ਬਿਜਲੀ ਉਪਕਰਨ ਅਤੇ ਬਿਜਲੀ ਸਰਕਟ ਦਾ ਨਰੀਖਣ ਕਰਵਾਉਣ ਲਈ ਪ੍ਰਬੰਧਕ ਆਪਣੀ ਜ਼ੁੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਰਾਤ ਸਮੇਂ ਬਿਜਲੀ ਦੇ ਉਪਕਰਨ ਚਲਦੇ ਰੱਖੇ ਜਾਂਦੇ ਹਨ, ਜੋ ਪ੍ਰਬੰਧਕੀ ਅਣਗਹਿਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਗੁਰੂ ਘਰਾਂ ਅੰਦਰ ਇਕ ਮੇਨਸਵਿੱਚ ਲਗਾਇਆ ਜਾਵੇ ਅਤੇ ਰਾਤ ਸਮੇਂ ਇਸ ਨੂੰ ਬੰਦ ਰੱਖਿਆ ਜਾਵੇ। ਅਜਿਹਾ ਕਰਨ ਨਾਲ ਕਾਫੀ ਹੱਦ ਤੱਕ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਪ੍ਰਬੰਧਕਾਂ ਦੇ ਨਾਲ-ਨਾਲ ਸੰਗਤਾਂ ਵੀ ਜ਼ੁੰਮੇਵਾਰੀ ਵਾਲੀ ਭੂਮਿਕਾ ਨਿਭਾਉਣ, ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ।