ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਬੇਅਦਬੀ ਕਰਨ ਵਾਲੇ ਦੋਸ਼ੀ ਅਨਸਰਾਂ ਖਿਲਾਫ ਸਖਤ ਕਾਰਵਾਈ ਹੋਵੇ

ਅੰਮ੍ਰਿਤਸਰ, 06 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿਛਲੇ ਸਮੇਂ ਦੌਰਾਨ ਗੁਰੂ ਘਰਾਂ ਅੰਦਰ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਆਪਣੇ ਸ਼ਹਿਰ, ਕਸਬਿਆਂ ਤੇ ਪਿੰਡਾਂ ਵਿਚ ਗੁਰੂ ਘਰਾਂ ਦੀ ਪੂਰਨ ਸੁਚੇਤਤਾ ਤੇ ਜ਼ਿੰਮੇਵਾਰੀ ਨਾਲ ਨਿਗਰਾਨੀ ਰੱਖਣ ਤਾਂ ਕਿ ਸ਼ਰਾਰਤੀ ਅਨਸਰ ਆਪਣੇ ਭੈੜੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕਣ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਫੱਤੂਢੀਂਗਾ ਦੇ ਪਿੰਡ ਫਜ਼ਲਾਬਾਦ ਦੇ ਗੁਰਦੁਆਰਾ ਸਾਹਿਬ ਅਤੇ ਜ਼ਿਲ੍ਹਾ ਮੋਗਾ ਦੇ ਪਿੰਡ ਚੁੱਘਾ ਖੁਰਦ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ, ਪੀੜੀ ਸਾਹਿਬ ਤੇ ਰੁਮਾਲਿਆਂ ਦੀ ਕੀਤੀ ਬੇਅਦਬੀ ਅਤੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਲੋਕੇਸ਼ਨ ਦੇ ਅਧਾਰ ‘ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਕੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਝੀ ਖੇਡ ਵਿਚ ਲੱਗੇ ਸ਼ਰਾਰਤੀ ਅਨਸਰ ਲੋਕਾਂ ਵਿਚ ਸਮਾਜਿਕ ਤੇ ਭਾਈਚਾਰਕ ਪਾੜਾ ਪਾਉਣਾ ਚਾਉਂਦੇ ਹਨ। ਜਿਸ ਤੋਂ ਸੁਚੇਤ ਹੋਣ ਦੀ ਅਤਿਅੰਤ ਲੋੜ ਹੈ। ਉਨ੍ਹਾਂ ਨੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਘਰਾਂ ਦੀ ਪੂਰਨ ਸੁਰੱਖਿਆ ਲਈ ਆਪਣੇ ਤੌਰ ‘ਤੇ ਸਖਤ ਨਿਗਰਾਨੀ ਕਰਨ ਤਾਂ ਕਿ ਸ਼ਰਾਰਤੀ ਅਨਸਰ ਗੁਰੂ ਘਰਾਂ ਦੀ ਬੇਅਦਬੀ ਕਰਨ ਵਿਚ ਕਾਮਯਾਬ ਨਾ ਹੋ ਸਕਣ।