ਅੰਮ੍ਰਿਤਸਰ, 3 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਗੜ੍ਹ, ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਕੱਲ੍ਹ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਤੇ ਪੈਂਤੀ ਗੁਟਕਾ ਸਾਹਿਬ ਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਿਰ ਕੀਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਸਮੁੱਚੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਣ ਨਾਲ ਪ੍ਰਬੰਧਕਾਂ ਦਾ ਗੁਰਦੁਆਰਾ ਸਾਹਿਬ ਪ੍ਰਤੀ ਗੈਰ ਜ਼ਿੰੰਮੇਵਾਰੀ ਵਾਲਾ ਰਵੱਈਆ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਅਤੇ ਪ੍ਰਬੰਧਕ ਕਮੇਟੀਆ ਨੂੰ ਬਾਰ-ਬਾਰ ਗੁਰਦੁਆਰਾ ਸਾਹਿਬ ਅੰਦਰ ਆਪਣੀ ਹਾਜ਼ਰੀ ਵਿਚ ਬਿਜਲੀ ਉਪਕਰਨ ਚਲਾਉਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜਿਥੇ ਵੀ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਜ਼ਰ-ਅੰਦਾਜ਼ ਕਰ ਰਹੇ ਹਨ, ਉਸ ਗੁਰਦੁਆਰਾ ਸਾਹਿਬਾਨਾਂ ਵਿਚ ਇਹ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ-ਆਪਣੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਉਹ ਪਿੰਡ ਪੱਧਰ ਤੇ ਉਪਰਾਲੇ ਕਰਨ ਤਾਂ ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਨਾ ਹੋ ਸਕੇ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਕਮੇਟੀਆਂ ਨੂੰ ਪ੍ਰਬੰਧ ਪ੍ਰਤੀ ਚੇਤੰਨ ਰਹਿਣ ਦੀ ਹਦਾਇਤ ਕਰਨ, ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਣ।