ਅੰਮ੍ਰਿਤਸਰ, 10 ਅਗਸਤ- ੧੯੯੪ ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ ੬ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਇੱਕ ਜ਼ਖਮੀ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ। ਯਾਦ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ੧੫ ਜੂਨ ੨੦੧੭ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜੇਲ੍ਹ ਕਾਂਡ ਦੇ ਪੀੜਤਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਮ੍ਰਿਤਕ ਸ. ਕਾਰਜ ਸਿੰਘ ਪਿੰਡ ਕੁੱਕੜਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਤਰਸੇਮ ਸਿੰਘ ਪਿੰਡ ਸਬਾਜਪੁਰਾ ਜ਼ਿਲ੍ਹਾ ਅੰਮ੍ਰਿਤਸਰ, ਸ. ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਜ਼ਿਲ੍ਹਾ ਤਰਨ ਤਾਰਨ, ਸ. ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਰਿਵਾਰ ਅਤੇ ਇੱਕ ਜ਼ਖਮੀ ਸ. ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਅਨਵਰਜੀਤ ਸਿੰਘ ਤੇ ਸ. ਕਾਬਲ ਸਿੰਘ ਮੱਤੇਵਾਲ ਇੰਸਪੈਕਟਰ ਅਤੇ ਪੀਲੀਭੀਤ ਜੇਲ੍ਹ ਕਾਂਡ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।