ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ


ਅੰਮ੍ਰਿਤਸਰ, ੨੧ ਦਸੰਬਰ- ਪੀ.ਸੀ.ਐਸ. ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਲੁਧਿਆਣਾ ਨਿਵਾਸੀ ਸ. ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ ਲੁਧਿਆਣਾ ਦੇ ਸਾਬਕਾ ਕੌਂਸਲਰ ਹਨ। ਹਰਕਮਲ ਕੌਰ ਦੀ ਮਾਣਮੱਤੀ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਇਸ ਨਾਲ ਸਮੁੱਚੇ ਸਿੱਖ ਜਗਤ ਦਾ ਮਾਣ ਵਧਿਆ ਹੈ। ਉਨ੍ਹਾਂ ਨੌਜੁਆਨੀ ਨੂੰ ਹਰਕਮਲ ਕੌਰ ਦੀ ਪ੍ਰਾਪਤੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ. ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਹਰਕਮਲ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਹਰਕਮਲ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਿਰੋਪਾਓ ਦਿੱਤੇ। ਇਸ ਦੌਰਾਨ ਹਰਕਮਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਪ੍ਰਾਪਤੀ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਹੋਈ ਹੈ ਅਤੇ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਨੌਜੁਆਨੀ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ। ਹਰਕਮਲ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਜਤਿੰਦਰਪਾਲ ਸਿੰਘ, ਸ. ਸੁੱਖਾ ਸਿੰਘ ਆਦਿ ਮੌਜੂਦ ਸਨ।