** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਵੱਖਰੀ ਕਮੇਟੀ ਬਣਾਉਣ ਦੇ ਝਗੜੇ ਦੀ ਸੋਚ ਛੱਡ ਕੇ ਮੁੱਖ ਧਾਰਾ ਤਹਿਤ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸਬ-ਆਫਿਸ ਸ਼੍ਰੋਮਣੀ ਕਮੇਟੀ, ਚੰਡੀਗੜ੍ਹ ਵਿਖੇ ਪ੍ਰੋ: ਕਿਰਾਪਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ।

ਅੰਮ੍ਰਿਤਸਰ, 06 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਬ-ਆਫਿਸ ਸ਼੍ਰੋਮਣੀ ਕਮੇਟੀ, ਚੰਡੀਗੜ੍ਹ ਵਿਖੇ ਹਰਿਆਣਾ ਵਿਚਲੇ ਅਦਾਰਿਆਂ ਦੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ਵਿਚ ਜਿਥੇ ਮੀਰੀ ਪੀਰੀ ਮੈਡੀਕਲ ਕਾਲਜ ਤੇ ਹਸਪਤਾਲ ਸ਼ਾਹਬਾਦ ਮਾਰਕੰਡਾ (ਹਰਿਆਣਾ) ਦਾ ਮੁੱਦਾ ਵਿਚਾਰਿਆ ਗਿਆ, ਉਥੇ ਨਾਲ ਹੀ ਹਰਿਆਣਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਅਦਾਰਿਆਂ ਵਿਚ ਸਰਵਿਸ ਕਰਦੇ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਨਵੀਂ ਭਰਤੀ ਕਰਨ ਸਮੇਂ ਹਰਿਆਣਾ ਨਿਵਾਸੀਆਂ ਨੂੰ ਪਹਿਲ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੀ ਕਾਰਜਪ੍ਰਣਾਲੀ ਬਾਰੇ ਜਿਥੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਹੀ ਮੀਰੀ ਪੀਰੀ ਮੈਡੀਕਲ ਕਾਲਜ (ਹਸਪਤਾਲ) ਸ਼ਾਹਬਾਦ ਮਾਰਕੰਡਾ, ਹਰਿਆਣਾ ਲਈ ੨ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਦਾ ਆਦੇਸ਼ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਕੈਨਿੰਗ ਮਸ਼ੀਨਰੀ ਤੇ ਹੋਰ ਖਰਚਿਆਂ ਵਾਸਤੇ ਜਾਰੀ ਕੀਤੀ ਗਈ ਹੈ। ਹਰਿਆਣਾ ਸੂਬੇ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਲੋਹਗੜ੍ਹ ਸਾਹਿਬ ਵਿਖੇ ਸਦੀਵੀ ਯਾਦਗਾਰ ਵੀ ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤੀ ਗਈ ਹੈ। ਉਨ੍ਹਾਂ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਬਣਾਉਣ ਦੇ ਝਗੜੇ ਦੀ ਸੋਚ ਛੱਡ ਕੇ ਮੁੱਖ ਧਾਰਾ ਤਹਿਤ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ।