** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

5ਅੰਮ੍ਰਿਤਸਰ : ੧੫ ਨਵੰਬਰ (        ) ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ੭ ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦਫ਼ਤਰ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਂਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ।ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਾਉਣ ਉਪਰੰਤ ਇਹ ਵਿਸ਼ਵਾਸ਼ ਦੁਆਇਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇਗਾ ਜੋ ਕਿ ਰਾਸ਼ਟਰਪਤੀ ਨਾਲ ਮਿਲ ਕੇ ਇਸ ਮਾਮਲੇ ਤੇ ਜਲਦ ਤੋਂ ਜਲਦ ਫੈਸਲਾ ਲੈਣ ਦੀ ਅਪੀਲ ਕਰਨਗੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਈ ਰਾਜੋਆਣਾ ਨੂੰ ਮੇਰੇ ਵੱਲੋਂ ਇਕ ਲਿਖਤੀ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਵਿਸ਼ੇਸ਼ ਟੀਮ ਦੇ ਗਠਨ ਕੀਤੇ ਜਾਣ ਤੇ ਉਸ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਦਾ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਸ੍ਰ: ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ੍ਰ: ਹਰਚਰਨ ਸਿੰਘ ਮੁੱਖ ਸਕੱਤਰ ਤੇ ਸ੍ਰ: ਅਵਤਾਰ ਸਿੰਘ ਲੀਗਲ ਸਕੱਤਰ ਸ਼੍ਰੋਮਣੀ ਕਮੇਟੀ ਦੇ ਇਲਾਵਾ ਸ੍ਰ: ਪਰਮਜੀਤ ਸਿੰਘ ਥਿਆੜਾ ਐਡਵੋਕੇਟ, ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਨਾਮ ਸ਼ਾਮਿਲ ਹਨ।
ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਕਮੇਟੀ ਵੱਲੋਂ ਦੀਰਘ ਵਿਚਾਰ ਕਰਨ ਉਪਰੰਤ ਭਾਰਤ ਦੇ ਰਾਸ਼ਟਰਪਤੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰਕਾ ਲਿਖੀ ਗਈ ਹੈ ਜਿਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਫਾਂਸੀ ਦੀ ਸਜਾ ਯਾਫਤਾ ਕੇਂਦਰੀ ਜ਼ੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਹਨ, ਵੱਲੋਂ ਜਾਹਰ ਕੀਤੀ ਇੱਛਾ ਅਤੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਦੀ ਸਜਾ ਦੇ ਖਿਲਾਫ ਪਾਈ ਦਇਆ ਯਾਚਿਕਾ (ਰਹਿਮ ਦੀ ਅਪੀਲ) ਸਬੰਧੀ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਮੇਰੇ ਨਾਲ ਵਫ਼ਦ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ ਐਡੀ: ਸੈਸ਼ਨ ਜੱਜ ਚੰਡੀਗੜ੍ਹ ਨੇ ੨੭ ਜੁਲਾਈ ੨੦੦੭ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ ਜਿਸ ਨੂੰ ਪੱਕਾ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ।ਅਦਾਲਤ ਦੇ ਇਸ ਫੈਂਸਲੇ ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੇ ਆਰਟੀਕਲ ੭੨ ਰਾਹੀਂ ਦਇਆ ਯਾਚਿਕਾ (ਰਹਿਮ ਦੀ ਅਪੀਲ) ਦਾਇਰ ਕੀਤੀ ਗਈ ਸੀ ਜੋ ੨੦੧੨ ਤੋਂ ਪੈਂਡਿੰਗ ਪਈ ਹੈ।ਉਨ੍ਹਾਂ ਕਿਹਾ ਕਿ ਹੁਣ ਇਹ ਅਪੀਲ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕੀਤੀ ਜਾ ਰਹੀ ਹੈ ਕਿਉਂਕਿ ਭਾਈ ਰਾਜੋਆਣਾ ਵੱਲੋਂ ਹਾਲੇ ਤੱਕ ਕੋਈ ਵੀ ਰਹਿਮ ਦੀ ਅਪੀਲ ਨਹੀਂ ਕੀਤੀ ਗਈ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਜੇਕਰ ਭਾਈ ਰਾਜੋਆਣਾ ਨੂੰ ਫਾਂਸੀ ਦਿੱਤੀ ਜਾਂਦੀ ਹੈ ਤਾਂ ਉਹ ਕਾਨੂੰਨ ਅਨੁਸਾਰ ਇਨਸਾਫ਼ ਨਹੀਂ ਹੋਵੇਗਾ ਤੇ ਇਹ ਭਾਰਤੀ ਸੰਵਿਧਾਨ ਦੇ ਆਰਟੀਕਲ ੨੧ ਅਨੁਸਾਰ ਜੀਵਨ ਤੇ ਅਜ਼ਾਦੀ ਦੇ ਅਧਿਕਾਰ ਲਈ ਗਲਤ ਸਮਝੌਤਾ ਹੋਵੇਗਾ ਕਿਉਂਕਿ ਭਾਈ ਰਾਜੋਆਣਾ ਪਿਛਲੇ ੨੦ ਸਾਲਾਂ ਤੋਂ ਲਗਾਤਾਰ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਪੱਤਰਕਾ ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਈ ਰਾਜੋਆਣਾ ਬਾਰੇ ਫੈਸਲੇ ਨੂੰ ਨਿਜੀ ਦਿਲਚਸਪੀ ਲੈ ਕੇ ਹੱਲ ਕਰਾਉਣ ਜੋ ਇਸ ਸਮੇਂ ਗੰਭੀਰ ਮਾਨਸਿਕ ਪੀੜਾ ਤੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਅਧੂਰੀ ਪਈ ਰਹਿਮ ਦੀ ਅਪੀਲ ਖਿਲਾਫ਼ ਕਾਨੂੰਨੀ ਲੜਾਈ ਲੜਨ ਵਾਸਤੇ ਉਕਤ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ ਕਰਨ ਦਾ ਮੁੱਦਾ ਕਾਨੂੰਨ ਨੂੰ ਪਿਆਰ ਕਰਨ ਵਾਲਿਆਂ ਦੇ ਦਿਲ ਦੇ ਬਹੁਤ ਕਰੀਬ ਹੈ।ਉਨ੍ਹਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫ਼ੀ ਦੇ ਦਿੱਤੀ ਜਾਂਦੀ ਹੈ ਤਾਂ ਹਰ ਆਮ ਇਨਸਾਨ ਦਾ ਭਾਰਤੀ ਸੰਵਿਧਾਨ ਤੇ ਕਾਨੂੰਨੀ ਪ੍ਰਬੰਧ ਵਿੱਚ ਵਿਸ਼ਵਾਸ ਹੋਰ ਵੀ ਪੱਕਾ ਹੋ ਜਾਵੇਗਾ।ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅੱਗੇ ਹੋਰ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਮੁਸੀਬਤ ਦੀ ਘੜੀ ਬਿਨਾ ਕਿਸੇ ਭੇਦ-ਭਾਵ ਜਾਤ-ਧਰਮ ਤੇ ਨਸਲ ਤੋਂ ਉਪਰ ਉੱਠ ਕੇ ਸਮੁੱਚੇ ਭਾਰਤ ਵਾਸੀਆਂ ਨਾਲ ਖੜੀ ਹੋਈ ਹੈ, ਉਹ ਭਾਵੇਂ ਜੰਮੂ-ਕਸ਼ਮੀਰ, ਉੱਤਰਾਖੰਡ, ਅੰਡੇਮਾਨ ਨਿਕੋਬਾਰ ਦੀਆਂ ਕੁਦਰਤੀ ਆਫ਼ਤਾਂ ਹੋਣ ਜਾਂ ਧਰਮੀ ਫੌਜੀਆਂ ਦਾ ਮਸਲਾ ਹੋਵੇ ਕਦੇ ਵੀ ਭਲਾਈ ਦੇ ਕਾਰਜਾਂ ਵਿੱਚ ਪਹਿਲ ਕਰਨ ਤੋਂ ਗੁਰੇਜ ਨਹੀਂ ਕਰਦੀ।
ਇਸ ਮੌਕੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰੀਕ ਸਿੰਘ ਵਿਛੋਆ ਤੇ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਦੀਪ ਸਿੰਘ ਤੇੜਾ ਅਤੇ ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।

12