** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **


ਅੰਮ੍ਰਿਤਸਰ, ੧੯ ਅਪ੍ਰੈਲ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਦਾ ਅਸਤੀਫਾ ਪ੍ਰਵਾਨ ਕਰ ਲਿਆ। ਪ੍ਰੋ: ਬਡੂੰਗਰ ਨੇ ਯੂਨੀਵਰਸਿਟੀ ਟਰੱਸਟ ਦੇ ਚੇਅਰਮੈਨ ਅਤੇ ਚਾਂਸਲਰ ਦੀ ਹੈਸੀਅਤ ਵਜੋਂ ਇਹ ਅਸਤੀਫਾ ਪ੍ਰਵਾਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਡਾ. ਵਾਲੀਆ ਦੀ ਖਾਲਸਾ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵਿਖੇ ਵਾਈਸ ਚਾਂਸਲਰ ਵਜੋਂ ਨਿਯੁਕਤੀ ਹੋਣ ‘ਤੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਡਾ. ਵਾਲੀਆ ਦੀ ਥਾਂ ‘ਤੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਡਾ. ਸੁਖਦਰਸ਼ਨ ਸਿੰਘ ਖਹਿਰਾ ਨੂੰ ਆਪਣੇ ਕੰਮ ਦੇ ਨਾਲ-ਨਾਲ ਅਗਲੇ ਹੁਕਮ ਤੀਕ ਉਪ ਕੁਲਪਤੀ ਦਾ ਕੰਮ ਵੀ ਦੇ ਦਿੱਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਸੀਨੀਅਰ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਸੁੱਚਾ ਸਿੰਘ ਲੰਗਾਹ, ਅੰਤ੍ਰਿੰਗ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਜੈਪਾਲ ਸਿੰਘ ਮੰਡੀਆ ਤੇ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਸ਼੍ਰੋਮਣੀ ਕਮੇਟੀ ਸ. ਮੋਹਣ ਸਿੰਘ ਬੰਗੀ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਐਡੀ: ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਕੰਗ, ਸ. ਦਿਲਬਾਗ ਸਿੰਘ ਵਡਾਲੀ ਆਦਿ ਹਾਜ਼ਰ ਸਨ।