ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦੀ ਕੀਤੀ ਮੰਗ
ਅੰਮ੍ਰਿਤਸਰ, 8 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਈਅਦ ਪਾਸੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ ੧੦ ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ।
ਇਹ ਮੰਗ ਉਨ੍ਹਾਂ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਰਾਹੀਂ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਸਿੱਖਾਂ ਦੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੰਮੂ ਕਸ਼ਮੀਰ ਦੀ ਧਰਤੀ ਨਾਲ ਗੂੜ੍ਹਾ ਸਬੰਧ ਰਿਹਾ ਹੈ। ਛੇਵੇਂ ਪਾਤਸ਼ਾਹ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਜੰਮੂ ਕਸ਼ਮੀਰ ਵਿਚ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿਚ ਅਨੇਕਾਂ ਗੁਰਦੁਆਰਾ ਸਾਹਿਬਾਨ ਜੰਮੂ ਕਸ਼ਮੀਰ ਵਿਚ ਸਥਿਤ ਹੋਣ ਕਰਕੇ ਸੂਬੇ ਅੰਦਰ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਗੁਰੂ ਸਾਹਿਬ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਹੋਰਨਾਂ ਧਰਮਾਂ ਦੇ ਪੈਗ਼ੰਬਰਾਂ ਦੇ ਦਿਹਾੜਿਆਂ ਵਾਂਗ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀ ਸੂਬੇ ਅੰਦਰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਵੇ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਾਨਯੋਗ ਮੁੱਖ ਮੰਤਰੀ ਇਸ ਸਬੰਧ ਵਿਚ ਵਿਸ਼ੇਸ਼ ਧਿਆਨ ਦਿੰਦਿਆਂ ਸਰਕਾਰੀ ਛੁੱਟੀ ਦਾ ਐਲਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਜੰਮੂ ਕਸ਼ਮੀਰ ਵਿਚ ਆਪਸੀ ਭਾਈਚਾਰਾ ਹੋਰ ਮਜ਼ਬੂਤ ਹੋਵੇਗਾ।