ਅੰਮ੍ਰਿਤਸਰ, 13 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ, ਪਾਣੀਪਤ ਦੇ ਲੈਂਟਰ ਦੌਰਾਨ ਗੁੰਬਦ ਡਿੱਗਣ ਕਾਰਨ ਵਾਪਰੇ ਹਾਦਸੇ ਅਤੇ ਕਲਾਨੌਰ ਦੇ ਪਿੰਡ ਜੋਗੇਵਾਲਾ ਬੇਦੀਆਂ ਵਿਖੇ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ ਕੀਤਾ।
ਇਥੋਂ ਜਾਰੀ ਇਕ ਪ੍ਰੈਸ ਨੋਟ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਾਣੀਪਤ ਹਰਿਆਣਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਗੁੰਬਦ ਡਿੱਗਣ ਨਾਲ ਹੋਇਆ ਭਿਆਨਕ ਹਾਦਸਾ ਬਹੁਤ ਹੀ ਦਰਦਮਈ ਹੈ। ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋਈ ਹੈ ਤੇ ਕੁਝ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਧਰਮ ਪ੍ਰਚਾਰ ਦੇ ਮੈਂਬਰ ਸ. ਤਜਿੰਦਰਪਾਲ ਸਿੰਘ ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੇ ਮੈਨੇਜਰ ਸ. ਸੁਖਦੇਵ ਸਿੰਘ ਦੇ ਨਿਰਭਰ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਸਬੰਧੀ ਜਲਦ ਹੀ ਆਪਣੀ ਰਿਪੋਰਟ ਪੇਸ਼ ਕਰੇਗੀ।
ਇਸ ਦੇ ਨਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਨਜ਼ਦੀਕ ਪਿੰਡ ਜੋਗੋਵਾਲ ਬੇਦੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਭਿਆਨਕ ਅੱਗ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ਅਤੇ ਹੋਏ ਹੋਰ ਨੁਕਸਾਨ ਸਬੰਧੀ ਜਾਇਜ਼ਾ ਲੈਣ ਲਈ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਸ. ਗੁਰਿੰਦਰਪਾਲ ਸਿੰਘ ਗੋਰਾ, ਗੁਰਦੁਆਰਾ ਬਾਰਠ ਸਾਹਿਬ ਦੇ ਮੈਨੇਜਰ ਸ. ਜਗਦੀਸ਼ ਸਿੰਘ ਤੇ ਗੁਰਦੁਆਰਾ ਸਾਹਿਬ ਡੇਹਰਾ ਬਾਬਾ ਨਾਨਕ ਦੇ ਮੈਨੇਜਰ ਸ. ਬਖਸ਼ੀਸ਼ ਸਿੰਘ ਦੇ ਨਿਰਭਰ ਸਬ-ਕਮੇਟੀ ਬਣਾਈ ਗਈ ਹੈ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰ-ਬਾਰ ਗੁਰਦੁਆਰਾ ਕਮੇਟੀਆਂ ਨੂੰ ਇਸ ਸਬੰਧੀ ਸੁਚੇਤ ਹੋਣ ਲਈ ਅਖਬਾਰਾਂ ਵਿਚ ਇਸ਼ਹਿਤਾਰ ਅਤੇ ਖਬਰਾਂ ਦੇ ਕੇ ਸੁਚਿਤ ਕੀਤਾ ਜਾਂਦਾ ਹੈ। ਮਗਰ ਲੋਕਲ ਕਮੇਟੀਆਂ ਦੇ ਪ੍ਰਬੰਧਕਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਗ੍ਰੰਥੀ ਸਿੰਘਾਂ ਦੀ ਅਣਗਹਿਲ਼ੀ ਕਾਰਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਪ੍ਰਬੰਧਕ ਕਮੇਟੀਆਂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਇੱਕ ਵਾਰ ਫਿਰ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਹੋਣ ਅਤੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਗੁਰਦੁਆਰਾ ਸਾਹਿਬਾਨ ਵਿਖੇ ਸੁਸ਼ੋਭਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਕਰਨ।