ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਸ਼੍ਰੋਮਣੀ ਕਮੇਟੀ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਵਿਸ਼ੇਸ਼ ਸਨਮਾਨ ਵੀ ਦੇਵੇਗੀ

ਅੰਮ੍ਰਿਤਸਰ, 25 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਡੀਕਲ ਨਾਲ ਸਬੰਧਤ ਐਂਟਰੈਂਸ ਟੈਸਟ ‘ਨੀਟ’ ਵਿੱਚੋਂ ਦੇਸ਼ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨ ਨਵਦੀਪ ਸਿੰਘ ਅਤੇ ੨੪੧ਵਾਂ ਸਥਾਨ ਪ੍ਰਾਪਤ ਕਰਨ ਵਾਲੀ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰੇਗੀ। ਇਹ ਐਲਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਮੱਤੇ ਸਿੱਖ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦੇ ਨਾਲ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਨਵਦੀਪ ਸਿੰਘ ਨੇ ਜਿਥੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ ਉਥੇ ਹੀ ਜਿਲ੍ਹਾ ਸੰਗਰੂਰ ਦੇ ਗਰੀਬ ਪਰਿਵਾਰ ਦੀ ਬੇਟੀ ਗੁਰਪ੍ਰੀਤ ਕੌਰ ਨੇ ਵੀ ਸਨਮਾਨਯੋਗ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਦੋਵੇਂ ਬੱਚੇ ਵਕਾਰੀ ਪ੍ਰੀਖਿਆ ਵਿੱਚੋਂ ਉੱਚ ਸਥਾਨ ਪ੍ਰਾਪਤ ਕਰ ਕੇ ਹੋਰਨਾ ਲਈ ਪ੍ਰੇਰਨਾ ਸਰੋਤ ਬਣੇ ਹਨ। ਉਨ੍ਹਾਂ ਦੋਹਾਂ ਬੱਚਿਆਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕੌਮ ਅਤੇ ਸੂਬੇ ਲਈ ਇਹ ਵੱਡੇ ਫਖਰ ਤੋਂ ਘੱਟ ਨਹੀਂ।