ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਉਚੇਚੇ ਤੌਰ ‘ਤੇ ਪਹੁੰਚੇ
ਸ੍ਰੀ ਅਨੰਦਪੁਰ ਸਾਹਿਬ ੨੭ ਨਵੰਬਰ ( ) ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚੱਲੀ ਜਾਗ੍ਰਿਤੀ ਯਾਤਰਾ ਦਾ ੨੭ ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਦਸਮੇਸ਼ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਈ ਜਾਗ੍ਰਿਤੀ ਯਾਤਰਾ ਜਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਵਰੋਸਾਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲੀ ਬੈਡਾਂ, ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਨਾਲ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਪਹੁੰਚੀ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਜਾਗ੍ਰਿਤੀ ਯਾਤਰਾ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ੍ਰੀ ਨਿਤਿਸ਼ ਕੁਮਾਰ ਨਾਲ ਇਸ ਜਾਗ੍ਰਿਤੀ ਯਾਤਰਾ ਵਿੱਚ ਬਿਹਾਰ ਦੀ ਸੈਰ ਸਪਾਟਾ ਮੰਤਰੀ ਸ੍ਰੀ ਅਨੀਤਾ ਕੁਮਾਰੀ, ਸ੍ਰੀ ਚੰਦਰ ਕੁਮਾਰ ਪਰਸਨਲ ਸਕੱਤਰ, ਸ੍ਰੀ ਮਨੀਸ਼ ਕੁਮਾਰ ਵਰਮਾ ਸੀ ਐਮ ਸਕੱਤਰ, ਸ੍ਰੀ ਸੁਨੀਲ ਕੁਮਾਰ ਏ ਡੀ ਸੀ, ਸ੍ਰੀ ਵਿਪਨ ਕੁਮਾਰ ਰੈਜ਼ੀਡੈਂਸ਼ਲ ਕਮਿਸ਼ਨਰ, ਸ੍ਰੀ ਬਚਨ ਸਿੰਘ ਆਈ ਜੀ, ਡੀ ਆਈ ਜੀ ਸ੍ਰੀ ਸਾਲੀਨ, ਸ੍ਰੀ ਦਿਨੇਸ਼ ਚੰਦਰ ਰਾਏ ਪ੍ਰਾਈਵੇਟ ਸਕੱਤਰ, ਸ੍ਰੀ ਰਾਜੇਸ਼ ਕੁਮਾਰ ਡੀ ਐਸ ਪੀ ਅਤੇ ਬੀਬੀ ਹਰਜੀਤ ਕੌਰ ਪ੍ਰਿੰਸੀਪਲ ਸਕੱਤਰ ਸੈਰ ਸਪਾਟਾ ਵਿਭਾਗ ਵੀ ਇਸ ਜਾਗ੍ਰਿਤੀ ਯਾਤਰਾ ਵਿੱਚ ਸ਼ਾਮਿਲ ਹੋਏ। ਸ੍ਰੀ ਗ੍ਰੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਤਖ਼ਤ ਸਾਹਿਬ ਵਿਖੇ ਪਹੁੰਚਣ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ ਤੇ ਇਸ ਉਪਰੰਤ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਨੇ ਸਤਿਨਾਮੁ ਵਾਹਿਗਰੂ ਦਾ ਜਾਪੁ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੂਰਨ ਗੁਰ-ਮਰਯਾਦਾ ਅਨੁੰਸਾਰ ਤਖ਼ਤ ਸਾਹਿਬ ਦੇ ਸੁਖਆਸਣ ਸਾਹਿਬ ਵਾਲੇ ਅਸਥਾਨ ਤੇ ਬਿਰਾਜਮਾਨ ਕੀਤਾ। ਇਸ ਉਪਰੰਤ ਸ੍ਰੀ ਨਿਤਿਸ਼ ਕੁਮਾਰ ਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਬੜੀ ਸ਼ਰਧਾ-ਭਾਵਨਾ ਨਾਲ ਤਖ਼ਤ ਸਾਹਿਬ ਦੇ ਦਰਸ਼ਨ ਕੀਤੇ।
ਤਖ਼ਤ ਸਾਹਿਬ ਦੇ ਦਰਸ਼ਨਾ ਉਪਰੰਤ ਸ੍ਰੀ ਨਿਤਿਸ਼ ਕੁਮਾਰ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਪਹੁੰਚੇ। ਅੱਜ ਦੁਪਹਿਰ ਤੋਂ ਹੀ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਵੱਖ-ਵੱਖ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ-ਇਤਹਾਸ ਨਾਲ ਜੋੜਿਆ ਗਿਆ। ਇਸ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਾਹਿਬ-ਏ-ਕਮਾਲ, ਚਿੱਟਿਆਂ ਬਾਜਾਂ ਵਾਲੇ, ਮਹਾਨ ਸੂਰਮੇ, ਤੇਗ ਦੇ ਧਨੀ, ਕੁਰਬਾਨੀ ਦੇ ਪੁੰਜ, ਸਰਬੰਸ ਦਾਨੀ, ਮਨੁੱਖੀ ਸੁਧਾਰਾਂ ਦੇ ਰਹਿਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਹਾ ਇਸ ਦੁਨੀਆਂ ਤੇ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕੀਤਾ ਤੇ ਮਜ਼ਲੂਮਾ ਦੀ ਰੱਖਿਆ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਨਮ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਇਆ ਤੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਜ਼ਾਰਿਆ। ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ, ਤਖ਼ਤ ਸ੍ਰੀ ਪਟਨਾ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਜੀ ਨੇ ਬਿਹਾਰ ਦੇ ਮੁੱਖ ਮੰਤਰੀ ਹੁੰਦਿਆਂ ਹੋਇਆਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਵਿੱਚ ਜੋ ਅਹਿਮ ਯੋਗਦਾਨ ਪਾਇਆ ਹੈ ਤੇ ਜਿਸ ਸ਼ਰਧਾ-ਭਾਵਨਾ ਨਾਲ ਉਹ ਜਾਗ੍ਰਿਤੀ ਯਾਤਰਾ ਵਿੱਚ ਸ਼ਾਮਿਲ ਹੋ ਕੇ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਵਿਖੇ ਦਰਸ਼ਨਾ ਲਈ ਆਏ ਹਨ ਮੇਰੇ ਪਾਸ ਉਨ੍ਹਾਂ ਦੀ ਤਾਰੀਫ਼ ਲਈ ਕੋਈ ਸ਼ਬਦ ਨਹੀਂ। ਉਨ੍ਹਾਂ ਸ੍ਰੀ ਨਿਤਿਸ਼ ਕੁਮਾਰ, ਉਨ੍ਹਾਂ ਨਾਲ ਜਾਗ੍ਰਿਤੀ ਯਾਤਰਾ ਵਿੱਚ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਦਾ ਇਸ ਪਾਵਨ-ਪਵਿੱਤਰ ਅਸਥਾਨ ਤੇ ਆਉਣ ਲਈ ਸਮੁੱਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੰਗਤਾਂ ਵੱਲੋਂ ਦਿਲ ਦੀਆਂ ਗਹਿਰਾਈਆਂ ‘ਚੋਂ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਭਾਰਤ ਸਰਕਾਰ ਤੇ ਬਿਹਾਰ ਸਰਕਾਰ ਵੱਲੋਂ ਇਸ ਮਹਾਨ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਓਥੇ ਪੰਜਾਬ ਸਰਕਾਰ ਵੀ ਇਸ ਪਾਵਨ ਦਿਹਾੜੇ ਸਬੰਧੀ ਵੱਖ-ਵੱਖ ਅਸਥਾਨਾ ਤੇ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਪੰਜਾਬ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਦੇ ਭਰਪੂਰ ਸਹਿਯੋਗ ਸਦਕਾ ਅਸੀਂ ਇਹ ਸਮਾਗਮ ਕਰਨ ਵਿੱਚ ਸਫ਼ਲ ਹੋ ਰਹੇ ਹਾਂ।
ਸ੍ਰੀ ਨਿਤਿਸ਼ ਕੁਮਾਰ ਮੁੱਖ ਮੰਤਰੀ ਬਿਹਾਰ ਨੇ ਬੋਲਦਿਆਂ ਕਿਹਾ ਕਿ ਸ੍ਰੀ ਪਟਨਾ ਸਾਹਿਬ ਦੀ ਧਰਤੀ ਬੜੇ ਭਾਗਾਂ ਵਾਲੀ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਨਮ ਲਿਆ। ਉਨ੍ਹਾਂ ਕਿਹਾ ਕਿ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਕਿ ਸਾਨੂੰ ਐਸੇ ਮਹਾਨ ਸੂਰਬੀਰ ਯੋਧੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ੩੫੦ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਦਾ ਸੁਭਾਗ ਮੌਕਾ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਆਸ਼ੀਰਵਾਦ ਲੈਣ ਅਤੇ ਸੰਗਤਾਂ ਨੂੰ ਦਸਮ ਪਿਤਾ ਦੀ ਜਨਮ ਭੂਮੀ ਤੇ ਉਨ੍ਹਾਂ ਦਾ ੩੫੦ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਆਉਣ ਦਾ ਸੱਦਾ ਦੇਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਪੂਰੇ ਬਿਹਾਰ ਵੱਲੋਂ ਇਸ ਪਾਵਨ-ਪਵਿੱਤਰ ਦਿਹਾੜੇ ਵਿੱਚ ਸ਼ਾਮਿਲ ਹੋ ਕੇ ਦਸਮ ਪਿਤਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕਰਨ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਚਾਹੇ ਕਿੰਨੀ ਵੀ ਤਾਦਾਦ ਵਿੱਚ ਸੰਗਤਾਂ ਸ੍ਰੀ ਪਟਨਾ ਸਾਹਿਬ ਵਿਖੇ ਦਰਸ਼ਨਾ ਲਈ ਪਹੁੰਚਣ ਬਿਹਾਰ ਸਰਕਾਰ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਂ ਬਿਹਾਰ ਸਰਕਾਰ ਅਤੇ ਬਿਹਾਰ ਵਾਸੀਆਂ ਵੱਲੋਂ ਸਿੱਖ ਸੰਗਤਾਂ ਨੂੰ ਜੀ ਆਇਆਂ ਕਹਿੰਦਾ ਹਾਂ। ਸ੍ਰੀ ਨਿਤਿਸ਼ ਕੁਮਾਰ ਦੇ ਇਲਾਵਾ ਸਮਾਗਮ ਵਿੱਚ ਹਾਜ਼ਰ ਸੰਗਤਾਂ ਨੂੰ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰ: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਵੀ ਸੰਬੋਧਨ ਕੀਤਾ।
ਇਸ ਉਪਰੰਤ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਬਿਹਾਰ ਸ੍ਰੀ ਨਿਤਿਸ਼ ਕੁਮਾਰ ਨੂੰ ਲੋਈ, ਸਿਰੋਪਾਓ, ਸ੍ਰੀ ਸਾਹਿਬ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਪ੍ਰੋ: ਬਡੂੰਗਰ ਨੇ ਸ੍ਰੀ ਨਿਤੀਸ਼ ਕੁਮਾਰ ਨਾਲ ਸਮਾਗਮ ਵਿੱਚ ਸ਼ਿਰਕਤ ਕਰਨ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਬਾਬਾ ਬਲਬੀਰ ਸਿੰਘ ੯੬ ਕਰੋੜੀ ਮੁਖੀ ਸ਼੍ਰੋਮਣੀ ਅਕਾਲੀ ਬੁੱਢਾ ਦਲ, ਬਾਬਾ ਮਹਿੰਦਰ ਸਿੰਘ ਯੂ ਕੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ: ਸ਼ੈਲਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਸ੍ਰ: ਅਜਮੇਰ ਸਿੰਘ ਲੱਖੋਵਾਲ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੇ ਇਲਾਵਾ ਸ੍ਰ: ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਹਾਇਕ, ਡਾ: ਪਰਮਜੀਤ ਸਿੰਘ ਸਰੋਆ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਮੀਤ ਸਕੱਤਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਜੱਸਾ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ (੮੭), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਸਾਹਿਬਾਨ ਅਤੇ ਸਟਾਫ਼, ਸ੍ਰ: ਸੁਰਿੰਦਰ ਸਿੰਘ ਚੇਅਰਮੈਨ ਸ਼ਤਾਬਦੀ ਕਮੇਟੀ ਪਟਨਾ ਸਾਹਿਬ, ਸ੍ਰ: ਬਲਵੰਤ ਸਿੰਘ ਡਿਪਟੀ ਜਨਰਲ ਮੈਨੇਜਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ, ਸ੍ਰ: ਇੰਦਰਜੀਤ ਸਿੰਘ ਕਾਰ ਸੇਵਾ ਯੂ ਕੇ ਵਾਲੇ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ‘ਚ ਕੀਤਾ।ਉਨ੍ਹਾਂ ਕਿਹਾ ਕਿ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਗ੍ਰਿਤੀ ਯਾਤਰਾ ਨਾਲ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ ਇਸ ਜਾਗ੍ਰਿਤੀ ਯਾਤਰਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਅਨੁਸਾਰ ਸਵਾਗਤ ਕੀਤਾ ਜਾਵੇਗਾ।ਉਨ੍ਹਾਂ ਭਾਰਤ ਸਰਕਾਰ, ਬਿਹਾਰ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦਸਮ ਪਿਤਾ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਹਨ।ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਜਾਗ੍ਰਿਤੀ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਲਈ ਸਮੁੱਚੀ ਅੰਤ੍ਰਿੰਗ ਕਮੇਟੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਸੰਤਾਂ ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਧਾਰਮਿਕ ਸਭਾ ਸੁਸਾਇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਖ-ਵੱਖ ਪੜਾਵਾਂ ‘ਤੇ ਸਵਾਗਤੀ ਗੇਟ ਬਣਾਏ ਜਾਣ ਤੇ ਯਾਤਰਾ ਨੂੰ ਜੀ ਆਇਆਂ ਕਿਹਾ ਜਾਵੇ ਅਤੇ ਲੰਗਰ ਲਗਾਉਣ ਦੇ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾਣ।
ਪ੍ਰੋ. ਬਡੂੰਗਰ ਨੇ ਵਿਸ਼ਾਲ ਜਾਗ੍ਰਿਤੀ ਯਾਤਰਾ ਦੇ ਅਗਲੇਰੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ੨੭ ਨਵੰਬਰ ਨੂੰ ਜਾਗ੍ਰਿਤੀ ਯਾਤਰਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਤੋਂ ਚੱਲ ਕੇ ਵਾਇਆ ਕੀਰਤਪੁਰ ਸਾਹਿਬ ਦੁਪਹਿਰ ੧੨:੦੦ ਵਜੇ ਤੀਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ਜਿਥੇ ਰਾਤ ਦਾ ਵਿਸ਼ਰਾਮ ਹੋਵੇਗਾ।ਇਸੇ ਤਰ੍ਹਾਂ ੨੮ ਨਵੰਬਰ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਵਾਇਆ ਗੜ੍ਹਸ਼ੰਕਰ, ਮਾਹਲਪੁਰ, ਹੁਸ਼ਿਆਰਪੁਰ ਤੋਂ ਰਾਮਪੁਰ ਖੇੜਾ (ਗੜ੍ਹਦੀਵਾਲ) ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ।੨੯ ਨਵੰਬਰ ਨੂੰ ਰਾਮਪੁਰ ਖੇੜਾ ਤੋਂ ਚੱਲ ਕੇ ਦਸੂਹਾ, ਟਾਂਡਾ ਤੋਂ ਹੋ ਕੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ।੩੦ ਨਵੰਬਰ ਨੂੰ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਚੱਲ ਕੇ ਘੁਮਾਣ, ਮਹਿਤਾ ਚੌਂਕ, ਬੋਪਾਰਾਇ, ਨਵਾਂ ਪਿੰਡ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ, ਨਿਊ ਅੰਮ੍ਰਿਤਸਰ, ਭਗਤ ਰਵੀਦਾਸ ਰੋਡ, ਸੁਲਤਾਨਵਿੰਡ ਚੌਂਕ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਰਾਤ ਦਾ ਵਿਸ਼ਰਾਮ ਕਰੇਗੀ।੧ ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਚੱਲ ਕੇ ਸ੍ਰੀ ਤਰਨ-ਤਾਰਨ, ਸ੍ਰੀ ਖਡੂਰ ਸਾਹਿਬ ਮੀਆਂ ਵਿੰਡ ਖਲਚੀਆਂ ਤੋਂ ਹੋ ਕੇ ਬਾਬਾ ਬਕਾਲਾ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ। ੨ ਦਸੰਬਰ ਨੂੰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਚੱਲ ਕੇ ਕਰਤਾਰਪੁਰ, ਜਲੰਧਰ, ਫਗਵਾੜਾ, ਲੁਧਿਆਣਾ ਦੇ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਰਾਤ ਦਾ ਵਿਸ਼ਰਾਮ ਕਰਨ ਉਪਰੰਤ ੩ ਦਸੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਤੋਂ ਚੱਲ ਕੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ, ਖੰਨਾ, ਸਰਹੰਦ, ਰਾਜਪੁਰਾ ਤੋਂ ਹੋ ਕੇ ਅੰਬਾਲਾ (ਹਰਿਆਣਾ) ਵਿਖੇ ਰਾਤ ਦਾ ਵਿਸ਼ਰਾਮ ਹੋਵੇਗਾ, ੪ ਦਸੰਬਰ ਨੂੰ ਅੰਬਾਲਾ (ਹਰਿਆਣਾ) ਤੋਂ ਆਰੰਭ ਹੋ ਕੇ ਸ਼ਾਹਬਾਦ, ਪਿੱਪਲੀ, ਤਰਾਵੜੀ, ਕਰਨਾਲ, ਪਾਣੀਪਤ ਵਿਖੇ ਰਾਤ ਦਾ ਵਿਸ਼ਰਾਮ ਕਰਨ ਉਪਰੰਤ ੫ ਦਸੰਬਰ ਨੁੰ ਪਾਣੀਪਤ ਤੋਂ ਚੱਲ ਕੇ ਗਨੌਰ, ਮੂਰਥਲ, ਕਰਨਾਲ ਬਾਈਪਾਸ ਮਜਨੂੰ ਟਿੱਲਾ, ਦਿੱਲੀ ਵਿਖੇ ਪੁਜੇਗੀ ਇਸ ਉਪਰੰਤ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਵਾਪਸ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਸੰਪੂਰਨ ਹੋਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗ੍ਰਿਤੀ ਯਾਤਰਾ ਵਿੱਚ ਹੁੰਮ-ਹੁੰਮਾ ਕੇ ਸ਼ਾਮਿਲ ਹੋਣ ਤੇ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਕੇ ਨਿਹਾਲ ਹੋਣ ਅਤੇ ਦਸਮ ਪਿਤਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ।