** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 2 ਅਕਤੂਬਰ (             ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ. ਜਗਮੀਤ ਸਿੰਘ ਨੂੰ ਕੈਨੇਡਾ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਲਈ ਹੋਈ ਵੋਟਿੰਗ ਵਿਚ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਪਾਰਟੀ ਆਗੂ ਬਣਨ ‘ਤੇ ਵਧਾਈ ਦਿੱਤੀ ਹੈ।

ਪ੍ਰੋ: ਬਡੂੰਗਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ. ਜਗਮੀਤ ਸਿੰਘ ਇਸ ਅਹੁਦੇ ਉਪਰ ਪਹੁੰਚਣ ਵਾਲੇ ਪਹਿਲੇ ਅੰਮ੍ਰਿਤਧਾਰੀ ਸਿੱਖ ਹਨ, ਜਿਨ੍ਹਾਂ ਦੀ ਜਿੱਤ ਨਾਲ ਇਕ ਵਾਰ ਫਿਰ ਸਿੱਖ ਕੌਮ ਦਾ ਨਾਮ ਵਿਸ਼ਵ ਪੱਧਰ ‘ਤੇ ਚਮਕਿਆ ਹੈ। ਉਨ੍ਹਾਂ ਕਿਹਾ ਕਿ ਸ. ਜਗਮੀਤ ਸਿੰਘ ਨੇ ਆਪਣੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੈਨੇਡੀਅਨ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਉਨ੍ਹਾਂ ਦੀ ਇਹ ਜਿੱਤ ਇਤਿਹਾਸਕ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਹੋਰ ਖੁਸ਼ੀ ਦੀ ਗੱਲ ਇਹ ਹੈ ਕਿ ਸ. ਜਗਮੀਤ ਸਿੰਘ ਉਘੇ ਆਜ਼ਾਦੀ ਘੁਲਾਟੀਏ ਅਤੇ ਰਿਆਸਤੀ ਪਰਜਾਮੰਡਲ ਦੇ ਮੋਢੀ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੇ ਪੜਪੋਤਰੇ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ. ਜਗਮੀਤ ਸਿੰਘ ਅੱਜ ਦੀ ਨੌਜੁਆਨ ਪੀੜੀ ਦੇ ਸਿੱਖੀ ਸਰੂਪ ਵਿਚ ਅੱਗੇ ਵਧਣ ਲਈ ਪ੍ਰੇਰਨਾ ਸਰੋਤ ਵਜੋਂ ਸਾਹਮਣੇ ਆਏ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਗਏ ਉਥੇ ਆਪਣੀ ਕਾਬਲੀਅਤ ਨਾਲ ਉੱਚ ਅਹੁਦਿਆਂ ਤਕ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਅੰਦਰ ਵੱਖ-ਵੱਖ ਖੇਤਰਾਂ ਵਿਚ ਸਿੱਖਾਂ ਨੇ ਨਾਮਣਾ ਖੱਟਿਆ ਹੈ। ਭਾਵੇਂ ਉਹ ਸੇਵਾ ਦਾ ਖੇਤਰ ਹੋਵੇ, ਪ੍ਰਸ਼ਾਸਨਿਕ ਜਾਂ ਵਪਾਰਕ ਖੇਤਰ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਿੱਖਾਂ ਨੇ ਵੱਖ-ਵੱਖ ਮੁਲਕਾਂ ਵਿਚ ਸਰਕਾਰਾਂ ਅੰਦਰ ਸਤਿਕਾਰਤ ਅਹੁਦੇ ਹਾਸਲ ਕੀਤੇ ਹਨ। ਪ੍ਰੋ: ਬਡੂੰਗਰ ਨੇ ਸ. ਜਗਮੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਆਸ ਵੀ ਪ੍ਰਗਟਾਈ।