ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ, 03 ਨਵੰਬਰ–  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਅਤੇ ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੪੮ਵੇਂ ਪ੍ਰਕਾਸ਼ ਪੁਰਬ ਦੀ ਖ਼ਾਲਸਾ ਪੰਥ ਤੇ ਸਮੂਹ ਸੰਗਤਾਂ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ ਅਤੇ ਇਨਕਲਾਬੀ ਗੁਰੂ ਹਨ, ਜਿਨ੍ਹਾਂ ਨੇ ਸੰਸਾਰ ਦਾ ਭਰਮਣ ਕਰਕੇ ਲੋਕਾਈ ਨੂੰ ਅਧਿਆਤਮਕ ਗਿਆਨ ਵੰਡਿਆ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਲੱਖਣ ਤੇ ਪ੍ਰਮੁੱਖ ਸਥਾਨ ਹੈ। ਸੰਸਾਰ ਭਰ ਦੇ ਦਾਰਸ਼ਨਿਕ ਤੇ ਵਿਗਿਆਨੀ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਵਿਚਾਰਧਾਰਾ ਨੂੰ ਆਪਣੀਆਂ ਖੋਜਾਂ ਦਾ ਸੋਮਾ ਤੇ ਪ੍ਰੇਰਨਾ ਸਰੋਤ ਮੰਨਦੇ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਕੋਈ ਵੀ ਮਨੁੱਖ ਪਹਿਲੇ ਪਾਤਸ਼ਾਹ ਜੀ ਦੀ ਬਾਣੀ ‘ਜਪੁ ਜੀ ਸਾਹਿਬ’ ਨਾਲ ਸ਼ਰਧਾਵੱਸ ਪ੍ਰੀਤ ਪਾ ਕੇ ਇਸ ਬ੍ਰਹਿਮੰਡ ਅਤੇ ਅਕਾਲ ਪੁਰਖ ਦੇ ਗੁੱਝੇ ਰਹੱਸਾਂ ਨੂੰ ਜਾਣਨਯੋਗ ਬਣ ਸਕਦਾ ਹੈ। ਗੁਰੂ ਸਹਿਬ ਨੇ ਸਮਾਜਕ, ਧਾਰਮਿਕ ਅਤੇ ਰਾਜਨੀਤਿਕ ਬੰਧਨ ਤੋੜ ਕੇ ਮਨੁੱਖਤਾ ਨੂੰ ਇੱਕ ਸਹਿਲ ਜੀਵਨ-ਮਾਰਗ ਦਰਸਾਇਆ। ਉਨ੍ਹਾਂ ਦੀ ਬਾਣੀ ਅੰਦਰ ਮਨੁੱਖੀ ਕਦਰਾਂ-ਕੀਮਤਾਂ ਤੇ ਕੁਦਰਤ-ਪ੍ਰੇਮ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ, ਉਪਦੇਸ਼ ਤੇ ਪਰਉਪਕਾਰ ਦੇ ਸਿਧਾਂਤਾਂ ਤੋਂ ਸੇਧ ਲੈ ਕੇ ਸਾਨੂੰ ਆਪਣਾ ਜੀਵਨ ਸਫਲਾ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।