ਅੰਮ੍ਰਿਤਸਰ, 8 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ। ਪ੍ਰੋ: ਬਡੂੰਗਰ ਵੱਲੋਂ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਡਾ. ਰੂਪ ਸਿੰਘ ੧੯੮੯ ਈ: ਵਿਚ ਬਤੌਰ ਸੰਪਾਦਕ ਭਰਤੀ ਹੋਏ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਜ਼ਿੰਮੇਵਾਰ ਪ੍ਰਬੰਧਕ ਦੇ ਅਹੁਦਿਆਂ ਪੁਰ ਡਿਊਟੀ ਕੀਤੀ ਹੈ। ਡਾ. ਰੂਪ ਸਿੰਘ ਇਕ ਉਘੇ ਸਿੱਖ ਵਿਦਵਾਨ ਤੇ ਲੇਖਕ ਹਨ ਜਿਨ੍ਹਾਂ ਦੀ ਕਲਮ ‘ਚੋਂ ਅਨੇਕਾਂ ਹੀ ਧਾਰਮਿਕ ਪੁਸਤਕਾਂ ਲਿਖੀਆਂ ਗਈਆਂ ਹਨ ਜੋ ਖੋਜਕਾਰਾਂ ਤੇ ਪਾਠਕਾਂ ਲਈ ਸਿੱਖ ਧਰਮ ਦੀ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਨਿਯੁਕਤ ਹੋਣ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਵੇਖਦੇ ਸਨ।
ਇਸ ਸਮੇਂ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਿੱਖ ਵਿਦਵਾਨ ਪ੍ਰੋ: ਬਡੂੰਗਰ ਦੀ ਅਗਵਾਈ ਵਿਚ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰੋ: ਬਡੂੰਗਰ ਵੱਲੋਂ ਸੌਂਪੀ ਇਸ ਅਹਿਮ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ।