** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 6 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਸਿਲੇਬਸ ਦੀ ਪੁਸਤਕ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਭਲਕੇ ੭ ਮਈ ਨੂੰ ਅਗਲੀ ਰਣਨੀਤੀ ਬਣਾਏਗੀ। ਇਸ ਸਬੰਧ ਵਿਚ ਕਮੇਟੀ ਦੇ ਇਥੇ ਸਥਿਤ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਇਕੱਤਰਤਾ ਦੀ ਪ੍ਰਧਾਨਗੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਸ ਸਬੰਧ ਵਿਚ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਕੌਮ ਦੇ ਇਤਿਹਾਸ ਨੂੰ ਖਤਮ ਕਰਨ ਦੇ ਮਾਮਲੇ ਸਬੰਧੀ ਭਲਕੇ ੭ ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਹ ਇਕੱਤਰਤਾ ਬੁਲਈ ਗਈ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸੰਜੀਦਾ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੈਂਬਰਾਂ ਦੇ ਵਿਚਾਰ ਜਾਣਨ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕਰਨਗੇ।