** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 09 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਹਰੀ ਸਿੰਘ ਜੀ (੧੯੨੪-੨੦੧੬) ਅਤੇ ਭਾਈ ਜਸਵੰਤ ਸਿੰਘ ਜੀ ਕੁਲਾਰ (੧੯੧੩-੧੯੮੩) ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਲਕੇ ੧੦ ਫਰਵਰੀ ਨੂੰ ਸਵੇਰੇ ੧੦:੦੦ ਵਜੇ ਸੁਸ਼ੋਭਿਤ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ ਜੋ ਧਰਮ, ਦੇਸ਼ ਤੇ ਕੌਮ ਪ੍ਰਤੀ ਸਮਰਪਿਤ ਹੋ ਕੇ ਜੀਵਨ ਗੁਜ਼ਾਰਦੇ ਹਨ। ਸ. ਬੇਦੀ ਨੇ ਦੱਸਿਆ ਕਿ ਇਨ੍ਹਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਲੰਮਾ ਸਮਾਂ ਗੁਰੂ ਘਰ ਵਿਖੇ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੀਆਂ ਤਸਵੀਰਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।