ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਤੇ ਸੇਵਾ ਕਰ ਰਹੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਜੀ ਆਇਆਂ ਕਹਿੰਦੇ ਹਾਂ
ਅੰਮ੍ਰਿਤਸਰ : 26 ਮਈ ( ) ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ ੩੦੦ ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਨਗਰ ਕੀਰਤਨ ਵਿੱਚ ਸ਼ਾਮਿਲ ਤੇ ਸੇਵਾ ਕਰ ਰਹੀਆਂ ਸੰਗਤਾਂ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਅਤੇ ਸਮੁੱਚੇ ਸ਼੍ਰੋਮਣੀ ਕਮੇਟੀ ਅਦਾਰੇ ਵੱਲੋਂ ਧੰਨਵਾਦ ਕਰਦਿਆਂ ਜੀ ਆਇਆਂ ਕਹਿੰਦੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਮੇਰੇ ਜਿੰਮੇ ਜੋ ਸੇਵਾ ਲਗਾਈ ਗਈ ਹੈ ਅਖੀਰ ਤੱਕ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਵੱਡੇ ਭਾਗਾਂ ਵਾਲਾ ਹਾਂ ਜੋ ਮੈਨੂੰ ਸ਼ਹੀਦਾਂ ਦੀ ਸ਼ਤਾਬਦੀ ਵਿੱਚ ਸੇਵਾ ਕਰਨ ਦਾ ਸੁਨਹਿਰੀ ਅਵਸਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸੂਰਬੀਰ ਯੋਧੇ ਹੋਣ ਦੇ ਨਾਲ-ਨਾਲ ਨਿਆਂਕਾਰੀ ਸ਼ਾਸਕ ਵੀ ਸਨ। ਸ੍ਰ: ਗੋਰਾ ਨੇ ਕਿਹਾ ਕਿ ਕਹਿਣੀ ਤੇ ਕਥਨੀ ਦੇ ਪੂਰੇ ਬਾਬਾ ਬੰਦਾ ਸਿੰਘ ਬਹਾਦਰ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਜ਼ਾਲਮ ਮੁਗਲ ਹਕੂਮਤ ਦਾ ਨਾਸ ਕੀਤਾ ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਖਾਲਸਾਈ ਰਾਜ ਸਥਾਪਿਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਨਿਆਂ ਦਿਵਾਉਂਦੇ ਹੋਏ ਉਨ੍ਹਾਂ ਨੂੰ ਜ਼ਮੀਨਾ ਦੀ ਮਾਲਕੀ ਦਾ ਹੱਕ ਦਿੱਤਾ।ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਨਾਮ ਦਾ ਸਿੱਕਾ ਚਲਾਇਆ ਤੇ ਹੁਕਮਨਾਮੇ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਥਾਂ-ਥਾਂ ਚਾਹ ਤੇ ਪ੍ਰਸ਼ਾਦੇ ਦੇ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਗੁਰੁ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤ ਤੇ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਜਿਸ ਵੀ ਸ਼ਹਿਰ ਦੇ ਇਲਾਕੇ ਵਿੱਚੋਂ ਇਹ ਨਗਰ ਕੀਰਤਨ ਗੁਜਰ ਰਿਹਾ ਹੈ ਸੰਗਤਾਂ ਆਪ ਤੇ ਆਪਣੇ ਬੱਚਿਆਂ ਨੂੰ ਲੈ ਕੇ ਆਉਣ ਤੇ ਸਿੱਖ ਕੌਮ ਦੇ ਮਹਾਂ ਨਾਇਕ, ਖਾਲਸਾਈ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਤਾਜਾ ਕਰਦਿਆਂ ਵੱਖ-ਵੱਖ ਸ਼ਹਿਰਾਂ ‘ਚੋਂ ਗੁਜਰ ਰਹੇ ਮਹਾਨ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣ ਤੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕਰਕੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।