ਵੱਖ-ਵੱਖ ਥਾਈਂ ਬੇਅਦਬੀ ਦੀਆਂ ਘਟਨਾਵਾਂ ਦੀ ਪ੍ਰੋ. ਬਡੂੰਗਰ ਵੱਲੋਂ ਸਖ਼ਤ ਨਿੰਦਾ
ਅੰਮ੍ਰਿਤਸਰ, 7 ਮਈ 2017 – ਵੱਖ-ਵੱਖ ਥਾਵਾਂ ‘ਤੇ ਵਾਪਰੀਆਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਬਕਾਇਦਾ ਜਾਂਚ ਲਈ ਪੰਜਾਬ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਜਾਂਚ ਏਜੰਸੀਆਂ ਰਾਹੀਂ ਇਸ ਵਰਤਾਰੇ ਦੀ ਅਸਲ ਜੜ੍ਹ ਤਲਾਸ਼ ਕੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜਪੁਰ ਦੇ ਕਸਬਾ ਮੱਲਾਵਾਲਾ ਵਿਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ‘ਤੇ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਦੀ ਭਾਲ ਲਈ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਅਜਿਹੀਆਂ ਘਟਨਾਵਾਂ ਨੂੰ ਅਜਾਮ ਦੇਣ ਵਾਲਿਆਂ ਦੇ ਹੌਸਲੇ ਵਧੇ ਹੋਏ ਹਨ, ਤਾਂ ਹੀ ਅਜਿਹੀਆਂ ਘਟਨਾਵਾਂ ਬਾਰ-ਬਾਰ ਵਾਪਰ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਗ੍ਰੰਥੀ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਛੇੜਛਾੜ ਦੀ ਘਟਨਾ ਦਾ ਵੀ ਸਖਤ ਨੋਟਿਸ ਲਿਆ ਹੈ। ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਦੇ ਦੁਸ਼ਮਣ ਜਾਣ-ਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਪ੍ਰਬੰਧਕ ਕਮੇਟੀਆਂ ਅਤੇ ਸਮੁੱਚੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਲਈ ਉਹ ਅੱਗੇ ਆਉਣ।
ਇੱਕ ਹੋਰ ਘਟਨਾ ਵਿਚ ਗੜ੍ਹਸ਼ੰਕਰ ਨੇੜਲੇ ਪਿੰਡ ਕਾਲੇਵਾਲ ਲੱਲੀਆਂ ਵਿਖੇ ਇੱਕ ਅਖੰਡਪਾਠੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਨੂੰ ਮੋਟਰਸਾਈਕਲ ‘ਤੇ ਲਿਜਾਣ ਨੂੰ ਵੀ ਪ੍ਰੋ. ਬਡੂੰਗਰ ਨੇ ਸਿੱਖ ਮਰਯਾਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇੱਕ ਥਾਂ ਤੋਂ ਦੂਜੇ ਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਲਿਜਾਣ ਲਈ ਪੂਰਨ ਅਦਬ ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ। ਪ੍ਰੋ. ਬਡੂੰਗਰ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਵੀ ਆਖੀ ਹੈ।