ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ 1 ਨਵੰਬਰ (       ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਮਨਾਉਣ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦਿਆਂ ਸਤਿਗੁਰੂ ਪਾਤਸ਼ਾਹ ਅੱਗੇ ਆਪਣਾ ਸੀਸ ਨਿਵਾਉਂਦੇ ਹੋਏ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਤਾ ਬੰਦੀ ਛੋੜ ਦਿਵਸ (ਦੀਵਾਲੀ) ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਸ਼ਾਂਤੀਪੂਰਵਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ ੫੨ ਰਾਜਿਆਂ ਨੂੰ ਕੈਦ ਵਿਚੋਂ ਛੁਡਾ ਕੇ ਲਿਆਏ ਸਨ।ਇਸੇ ਖੁਸ਼ੀ ਵਿੱਚ ਸੰਗਤਾਂ ਇਸ ਦਿਹਾੜੇ ਤੇ ਦੀਪਮਾਲਾ ਕਰਦੀਆਂ ਤੇ ਆਤਿਸ਼ਬਾਜ਼ੀ ਚਲਾਉਂਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦੀਵਾਲੀ ਦੇਖਣ ਯੋਗ ਹੁੰਦੀ ਹੈ।ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਮੇਂ ਸੰਗਤਾਂ ਨੇ ਸ਼ਾਮ ਨੂੰ ਮਨਮੋਹਕ ਦੀਪਮਾਲਾ ਤੇ ਆਤਿਸ਼ਬਾਜੀ ਦਾ ਆਨੰਦ ਮਾਣਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਕਿਨਾਰੇ ਰਵਾਇਤੀ ਦੀਪ ਤੇ ਮੋਮਬੱਤੀਆਂ ਜਗਾ ਕੇ ਗੁਰੂ ਘਰ ਪ੍ਰਤੀ ਆਪਣੀ ਅਕੀਦਤ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਰਣਜੀਤ ਸਿੰਘ ਮੱਖਣਵਿੰਡੀ, ਭਾਈ ਸੁਲੱਖਣ ਸਿੰਘ ਰਿਆੜ ਤੇ ਭਾਈ ਗੁਰਨਾਮ ਸਿੰਘ ਕਲਾਨੌਰ, ਭਾਈ ਬਲਦੇਵ ਸਿੰਘ ਐਮ ਏ, ਭਾਈ ਮੇਜਰ ਸਿੰਘ ਖਾਲਸਾ ਲੋਹੀਆਂ, ਭਾਈ ਗੁਰਪ੍ਰਤਾਪ ਸਿੰਘ ਪਦਮ, ਭਾਈ ਪੂਰਨ ਸਿੰਘ ਅਰਸ਼ੀ, ਭਾਈ ਸਵਿੰਦਰ ਸਿੰਘ ਭੰਗੂ ਤੇ ਭਾਈ ਮਿਲਖਾ ਸਿੰਘ ਮੌਜੀ ਦੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।

ਸ. ਬੇਦੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਤਿੰਨ ਦਿਨ ਅੰਮ੍ਰਿਤ ਸੰਚਾਰ ਦਾ ਪ੍ਰਵਾਹ ਚੱਲਿਆ ਜਿਸ ਵਿੱਚ ਸੈਂਕੜੇ ਪ੍ਰਾਣੀ ਗੁਰੂ ਵਾਲੇ ਬਣੇ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਅਤੇ ਮੈਡੀਕਲ ਸਹੂਲਤ ਦੇਣ ਸਬੰਧੀ ਠੋਸ ਪ੍ਰਬੰਧ ਵੀ ਕੀਤੇ ਗਏ।