ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ’ਚ ਪੁਲਿਸ ਵਾੜਣ ਦੀ ਕੀਤੀ ਨਿੰਦਾ
ਅੰਮ੍ਰਿਤਸਰ, 4 ਫ਼ਰਵਰੀ- ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵਾਰ-ਵਾਰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਕਾਰਵਾਈ ਦੁੱਖਦਾਈ ਹੈ, ਜਿਸ ਨਾਲ ਪੂਰੇ ਸਿੱਖ ਜਗਤ ਅੰਦਰ ਭਾਰੀ ਰੋਸ ਪੈਦਾ ਹੋਇਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਅੰਦਰ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਵੱਲੋਂ ਰਾਤ ਦੇ ਸਮੇਂ ਜਬਰੀ ਦਾਖਲ ਹੋ ਕੇ ਸੇਵਾਦਾਰਾਂ ਦੀ ਕੁੱਟਮਾਰ ਕਰਨ ਅਤੇ ਮਰਯਾਦਾ ਦਾ ਉਲੰਗਣ ਕਰਨ ਦੀ ਨਖੇਧੀ ਕਰਦਿਆਂ ਕੀਤਾ ਹੈ।
ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਅਤੇ ਗੁਰ ਮਰਯਾਦਾ ਦੇ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਿਸ ਵੱਲੋਂ ਗੋਲੀਬਾਰੀ ਦੀ ਘਟਨਾ ਨੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ ਅਤੇ ਹੁਣ ਮਾਨਸਾ ਅੰਦਰ ਗੁਰਦੁਆਰਾ ਸਾਹਿਬ ਦੀ ਮਾਣ ਮਰਯਾਦਾ ਅਤੇ ਪਵਿੱਤਰਤਾ ਨੂੰ ਦਰਕਿਨਾਰ ਕਰਕੇ ਪੁਲਿਸ ਵੱਲੋਂ ਸਿੱਖ ਭਾਵਨਾਵਾਂ ਤਾਰ-ਤਾਰ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮਾਨਸਾ ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਬਿਲਕੁਲ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਕਿਵੇਂ ਪੁਲਿਸ ਦੇ ਕੁਝ ਅਧਿਕਾਰੀ ਗੁਰਦੁਆਰਾ ਸਾਹਿਬ ਅੰਦਰ ਕੰਧ ਟੱਪ ਕੇ ਦਾਖਲ ਹੁੰਦੇ ਹਨ ਅਤੇ ਸੇਵਾਦਾਰਾਂ ਨੂੰ ਕੁੱਟਣਾ ਮਾਰਨਾ ਸ਼ੁਰੂ ਕਰ ਦਿੰਦੇ ਹਨ। ਇਹ ਤਸਵੀਰ ਪੰਜਾਬ ਸਰਕਾਰ ਦਾ ਅਸਲ ਚਿਹਰਾ ਇੱਕ ਵਾਰ ਫਿਰ ਲੋਕਾਂ ਸਾਹਮਣੇ ਲਿਆਉਣ ਵਾਲੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਅਤੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।