** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ


ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, ੭ ਅਗਸਤ:- ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਬੀਤੇ ਕੱਲ੍ਹ ਤੋਂ ਆਰੰਭ ਹੋਏ ਇਸ ਜੋੜ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਸਮੇਂ ਸਜੇ ਦੀਵਾਨਾਂ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਜ਼ਿਕਰਯੋਗ ਹੈ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਦੇ ਸੰਦਰਭ ਵਿਚ ਇਸ ਦਿਨ ਨੂੰ ‘ਸਾਚਾ ਗੁਰੂ ਲਾਧੋ ਰੇ’ ਵਜੋਂ ਮਨਾਉਣ ਦੀ ਪਹਿਲਕਦਮੀ ਕੀਤੀ ਗਈ ਹੈ।
ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ੧੦ ਸਤੰਬਰ ਨੂੰ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਦੀ ਇਤਿਹਾਸ ਅੰਦਰ ਵੱਡੀ ਮਹਾਨਤਾ ਹੈ ਕਿਉਂਕਿ ਇਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਲੰਮਾ ਸਮਾਂ ਭਗਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਸਾਲਾਨਾ ਜੋੜ ਮੇਲੇ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤ ਪੁੱਜ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੰਗਤ ਸਾਹਮਣੇ ਪ੍ਰਗਟ ਹੋਣ ਸਮੇਂ ਗੁਰੂ ਦੇ ਸਿੱਖ ਭਾਈ ਮੱਖਣ ਸ਼ਾਹ ਲੁਬਾਣਾ ਦਾ ਪ੍ਰਸੰਗ ਵੀ ਇਥੋਂ ਦੇ ਇਤਿਹਾਸ ਨਾਲ ਜੁੜਦਾ ਹੈ। ਉਨ੍ਹਾਂ ਇਤਿਹਾਸਕ ਹਵਾਲਾ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਦਰਸ਼ਨ ਕਰਨ ਲਈ ਭਾਈ ਮੱਖਣ ਸ਼ਾਹ ਲੁਬਾਣਾ ਸਾਹਮਣੇ ਅਖੌਤੀ ਪਾਖੰਡੀਆਂ ਦੀ ਵੱਡੀ ਚੁਣੌਤੀ ਸੀ, ਜਿਸ ਵਿਚੋਂ ਗੁਰੂ ਬਖਸ਼ਿਸ਼ ਸਦਕਾ ਉਹ ਸਹਿਜਤਾ ਨਾਲ ਪਾਰ ਹੋਏ। ਉਨ੍ਹਾਂ ਕਿਹਾ ਕਿ ਅੱਜ ਵੀ ਪੰਥ ਸਾਹਮਣੇ ਪਾਖੰਡੀਆਂ ਦੀ ਵੱਡੀ ਚੁਣੌਤੀ ਹੈ, ਜਿਸ ਤੋਂ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤ ਨੂੰ ਵਹਿਮਾਂ-ਭਰਮਾਂ ਤੇ ਪਾਖੰਡਵਾਦ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਹੀ ਸਿੱਖ ਸੰਗਤਾਂ ਲਈ ਸੱਚਾ ਮਾਰਗ ਦਰਸ਼ਨ ਕਰਦੀ ਹੈ ਜਿਸਦੀ ਸਿੱਖਿਆ ਨੂੰ ਅਮਲ ਵਿਚ ਲਿਆਉਣਾ ਹਰ ਸਿੱਖ ਦਾ ਮੁੱਢਲਾ ਫਰਜ਼ ਹੈ। ਪ੍ਰੋ: ਬਡੂੰਗਰ ਨੇ ਸਮਾਜਕ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਦਾਜ, ਭਰੂਣ ਹੱਤਿਆ, ਨਸ਼ਾਖੋਰੀ, ਕਿਸਾਨੀ ਖੁਦਕੁਸ਼ੀਆਂ, ਵਹਿਮ-ਭਰਮ, ਗੁਰੂ-ਡੰਮ੍ਹ ਆਦਿ ਜਿਹੀਆਂ ਕੁਰੀਤੀਆਂ ਤੋਂ ਬਚਣ ਲਈ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਵਸ਼ੱਕਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸਹਿਜ ਤੇ ਸਾਦਗੀ ਵਾਲਾ ਮਾਰਗ ਦਿਖਾਇਆ ਹੈ ਜਿਸ ਤੋਂ ਟੁੱਟਣ ਕਾਰਨ ਸਾਨੂੰ ਅਜਿਹੀਆਂ ਚੁਣੌਤੀਆਂ ਦਰਪੇਸ਼ ਹਨ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਹੈਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਵੀ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾਂ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਿਕਰਮਜੀਤ ਸਿੰਘ ਕੋਟਲਾ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਮੇਜਰ ਸਿੰਘ ਮੈਨੇਜਰ, ਸ. ਮੋਹਣ ਸਿੰਘ ਮੀਤ ਮੈਨੇਜਰ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਸ. ਰਾਜਿੰਦਰ ਸਿੰਘ ਰੂਬੀ ਸੁਪਰਵਾਈਜ਼ਰ, ਸ. ਸਤਨਾਮ ਸਿੰਘ ਤੇ ਸ. ਨਰਿੰਦਰ ਸਿੰਘ ਐਡੀ:ਮੈਨੇਜਰ, ਸ. ਮੁਖਤਿਆਰ ਸਿੰਘ, ਬਾਬਾ ਅਵਤਾਰ ਸਿੰਘ ਕਾਰਸੇਵਾ ਵਾਲੇ, ਡਾ. ਜਗਜੀਤ ਕੌਰ ਮਸਾਣੀਆਂ ਆਦਿ ਹਾਜ਼ਰ ਸਨ।