ਸ੍ਰੀ ਅਨੰਦਪੁਰ ਸਾਹਿਬ, 26 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਸਹਿਯੋਗ ਦੇਣ ਵਾਲੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਰੰਭ ਕੀਤਾ ਗਿਆ ਸਿੱਖਾਂ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਚੜ੍ਹਦੀ ਕਲਾ ਨਾਲ ਮਨਾਇਆ ਜਾਂਦਾ ਹੈ, ਜਿਸ ਵਿਚ ਪ੍ਰਬੰਧਾਂ, ਲੰਗਰਾਂ ਤੇ ਹੋਰ ਸੇਵਾਵਾਂ ਲਈ ਸਿੱਖ ਜਥੇਬੰਦੀਆਂ ਤੇ ਸੰਗਤ ਦਾ ਵਿਸ਼ੇਸ਼ ਸਹਿਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਹੋਲਾ ਮਹੱਲਾ ਦੇ ਸਮਾਗਮਾਂ ਸਮੇਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ, ਸੇਵਾ ਸੁਸਾਇਟੀਆਂ, ਸਿੰਘ ਸਭਾਵਾਂ ਤੇ ਸੰਗਤ ਨੇ ਸਹਿਯੋਗੀ ਭੂਮਿਕਾ ਨਿਭਾਈ ਹੈ। ਜਿਸ ਲਈ ਸ਼੍ਰੋਮਣੀ ਕਮੇਟੀ ਹਾਰਦਿਕ ਤੌਰ ’ਤੇ ਸਭ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਵੀ ਇਸੇ ਤਰ੍ਹਾਂ ਹੀ ਸਿੱਖ ਜਥੇਬੰਦੀਆਂ, ਸੰਸਥਾਵਾਂ ਤੇ ਸੰਗਤਾਂ ਦਾ ਸਹਿਯੋਗ ਪ੍ਰਾਪਤ ਹੋਵੇਗਾ।