ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਵਿਖੇ ਸਰਾਂ, ਲੰਗਰ ਤੇ ਹੋਰ ਪ੍ਰਬੰਧ ਕਰਨ ਲਈ ਤਿਆਰ- ਭਾਈ ਲੌਂਗੋਵਾਲ

ਅੰਮ੍ਰਿਤਸਰ, ੧੫ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦਰਮਿਆਨ ਬੀਤੇ ਕੱਲ੍ਹ ਹੋਈ ਸਾਂਝੀ ਇਕੱਤਰਤਾ ਦੌਰਾਨ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਲਾਂਘਾ ਮੁਹੱਈਆ ਕਰਵਾਉਣ ਲਈ ਭਾਰਤ ਵੱਲੋਂ ਰੱਖੀ ਗਈ ਮੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਭਾਰਤ ਦੀ ਇਸ ਮੰਗ ‘ਤੇ ਸੰਜੀਦਗੀ ਨਾਲ ਵਿਚਾਰ ਕਰਨੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਕਰਨ ਸਕਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਇਹ ਮੰਗ ਕਰ ਚੁੱਕੀ ਹੈ ਅਤੇ ਇਸ ਸਬੰਧ ਵਿਚ ਭਾਰਤ ਸਰਕਾਰ ਤੱਕ ਵੀ ਪਹੁੰਚ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਵੀਜ਼ਾ ਮੁਕਤ ਲਾਂਘੇ ਦੀ ਮੰਗ ਨੂੰ ਹੁਣ ਭਾਰਤ ਵੱਲੋਂ ਪਾਕਿਸਤਾਨ ਦੇ ਸਰਕਾਰੀ ਅਧਿਕਾਰੀਆਂ ਅੱਗੇ ਰੱਖਣਾ ਚੰਗਾ ਯਤਨ ਹੈ ਜਿਸ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ। ਭਾਈ ਲੌਂਗੋਵਾਲ ਨੇ ਆਸ ਪ੍ਰਗਟਾਈ ਕਿ ਦੋਹਾਂ ਦੇਸ਼ਾਂ ਦੇ ਨੁਮਾਇੰਦਿਆਂ ਦੀ ਪਹਿਲੀ ਇਕੱਤਰਤਾ ਦੌਰਾਨ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ ਗੱਲਬਾਤ ਨਾਲ ਲਾਂਘੇ ਦੇ ਜਲਦ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਸਬੰਧੀ ਦੋਹਾਂ ਦੇਸ਼ਾਂ ਦੇ ਯਤਨ ਸ਼ਲਾਘਾਯੋਗ ਹਨ ਅਤੇ ਸਿੱਖ ਜਗਤ ਇਸ ਦੇ ਜਲਦ ਖੁੱਲ੍ਹਣ ਦੀ ਉਡੀਕ ਕਰ ਰਿਹਾ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਵੀ ਆਖਿਆ ਕਿ ਜੇਕਰ ਪਾਕਿਸਤਾਨ ਸਰਕਾਰ ਇਜਾਜ਼ਤ ਦਿੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਰਿਹਾਇਸ਼ ਲਈ ਸਰਾਂ, ਲੰਗਰ ਅਤੇ ਹੋਰ ਪ੍ਰਬੰਧ ਕਰਨ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਉਸ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਸੰਗਤ ਦੀ ਸੇਵਾ ਦਾ ਮੌਕਾ ਮਿਲੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਵਾਲੇ ਪਾਸੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਵੀ ਵਿਸ਼ੇਸ਼ ਤੌਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਥੇ ਵੀ ਸੰਗਤ ਲਈ ਨਿਵਾਸ ਘਰ, ਲੰਗਰ ਆਦਿ ਦੇ ਵੀ ਵਿਸ਼ਾਲ ਪ੍ਰਬੰਧ ਕੀਤੇ ਜਾਣਗੇ।