ਅੰਮ੍ਰਿਤਸਰ ੧੯ ਅਗਸਤ- ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ੨੨੫ ਸਿੱਖਾਂ ਦਾ ਨਾਮ ਕਾਲੀ ਸੂਚੀ ‘ਚੋਂ ਹਟਾਉਣਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ਸਾਲ ੧੯੮੦ ਤੋਂ ਬਾਅਦ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ੨੯੮ ਸਿੱਖਾਂ ਦੀ ਕਾਲੀ ਸੂਚੀ ਬਣਾਈ ਸੀ ਜਿਸ ਕਾਰਨ ਜ਼ਿਆਦਾਤਾਰ ਸਿੱਖਾਂ ਨੂੰ ਆਪਣੇ ਪਰਿਵਾਰਾਂ ਸਮੇਤ ਵਿਦੇਸ਼ਾਂ ਵਿੱਚ ਵੱਸਣ ਲਈ ਮਜ਼ਬੂਰ ਹੋਣਾ ਪਿਆ ਅਤੇ ਇਨ੍ਹਾਂ ਨੂੰ ਭਾਰਤ ਆਉਣ ਦੀ ਇਜ਼ਾਜਤ ਨਹੀਂ ਮਿਲੀ।ਉਨ੍ਹਾਂ ਕਿਹਾ ਕਿ ਇਸ ਕਾਲੀ ਸੂਚੀ ਵਿਚੋਂ ਉਕਤ ਸਿੱਖਾਂ ਦਾ ਨਾਮ ਹਟਾਉਣ ਨਾਲ ਹੁਣ ਇਹ ਭਾਰਤ ਆ ਸਕਣਗੇ ਜੋ ਬਹੁਤ ਖੁਸ਼ੀ ਦੀ ਗੱਲ ਹੈ।ਉਨ੍ਹਾਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਇਸ ਮੁੱਦੇ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਗੰਭੀਰਤਾ ਨਾਲ ਉਠਾਇਆ।
ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ੨੨੫ ਸਿੱਖਾਂ ਨੂੰ ਕਾਲੀ ਸੂਚੀ ਵਿਚੋਂ ਹਟਾਇਆ ਗਿਆ ਹੈ, ਉਸੇ ਤਰਜ ‘ਤੇ ਬਾਕੀ ਰਹਿੰਦੇ ੭੩ ਸਿੱਖਾਂ ਨੂੰ ਵੀ ਜਲਦ ਤੋਂ ਜਲਦ ਇਸ ਸੂਚੀ ਤੋਂ ਬਾਹਰ ਕੀਤਾ ਜਾਵੇ ਤਾਂ ਕਿ ਇਨ੍ਹਾਂ ‘ਤੇ ਆਪਣੇ ਮੁਲਕ ਭਾਰਤ ਆਉਣ ਦੀ ਲੱਗੀ ਪਾਬੰਦੀ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ।