ਅੰਮ੍ਰਿਤਸਰ, 15 ਸਤੰਬਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਬਲਜੀਤ ਸਿੰਘ ਨੇ ਅਰਦਾਸ ਕੀਤੀ। ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭੱਟ ਸਾਹਿਬਾਨ ਵੱਲੋਂ ਉਚਾਰੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਭੱਟ ਸਾਹਿਬਾਨ ਦੁਆਰਾ ਉਚਾਰਨ ਕੀਤੇ ਸਵੱਈਏ ਮਨੁੱਖ ਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੇ ਹਨ। ਉਨ੍ਹਾਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਪ੍ਰਚਾਰਕ ਹਰਪ੍ਰੀਤ ਸਿੰਘ ਵਡਾਲਾ, ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ ਅਤੇ ਭਾਈ ਦਲਜੀਤ ਸਿੰਘ ਵਿਛੋਆ ਦੇ ਜਥਿਆਂ ਵੱਲੋਂ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਰਾਜਿੰਦਰ ਸਿੰਘ ਰੂਬੀ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਭੱਟ ਭਾਈਚਾਰੇ ਵੱਲੋਂ ਸ. ਅਮਰੀਕ ਸਿੰਘ ਰਠੌਰ, ਸ. ਗੁਰਮੀਤ ਸਿੰਘ ਗੜਾ, ਸ. ਕਰਮਜੀਤ ਸਿੰਘ ਨਿਮਾਣਾ, ਸ. ਜਰਨੈਲ ਸਿੰਘ ਬੈਂਸ, ਸ. ਅਮਰੀਕ ਸਿੰਘ ਭਾਟ, ਸ. ਬਲਜੀਤ ਸਿੰਘ ਚੌਹਾਨ, ਸ. ਅਜੀਤ ਸਿੰਘ, ਸ. ਪ੍ਰੀਤਮ ਸਿੰਘ, ਸ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਕਾਰ ਸਿੰਘ, ਸ. ਸੁਖਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।