ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਅੰਮ੍ਰਿਤਸਰ, 15 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਦਿਹਾੜੇ ਮੌਕੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਹੋਣ ਕਰਕੇ ਸੰਗਤਾਂ ਉਨ੍ਹਾਂ ਦਾ ਬੇਹੱਦ ਸਤਿਕਾਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ਼ ਭੱਟ ਸਾਹਿਬਾਨ ਦੀ ਬਾਣੀ ਮਨੁੱਖ ਨੂੰ ਆਪਣੇ ਗੁਰੂ ਪ੍ਰਤੀ ਪ੍ਰੇਮ ਅਤੇ ਸਮਰਪਣ ਭਾਵ ਦ੍ਰਿੜ੍ਹ ਕਰਵਾਉਂਦੀ ਹੈ। ਉਨ੍ਹਾਂ ਸੰਗਤ ਨੂੰ ਪਾਵਨ ਗੁਰਬਾਣੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭੱਟ ਸਾਹਿਬਾਨ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਨਮੁੱਖ ਹਾਜ਼ਰ ਹੋ ਕੇ ਗੁਰੂ ਘਰ ਦੀਆਂ ਬਖ਼ਸ਼ਿਸਾਂ ਹਾਸਲ ਕੀਤੀਆਂ। ਭੱਟ ਸਾਹਿਬਾਨ ਵੱਲੋਂ ਉਚਾਰੀ ਗਈ ਪਾਵਨ ਬਾਣੀ ਨੂੰ ਪੰਜਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਕਰਕੇ ਉਨ੍ਹਾਂ ਨੂੰ ਵੱਡਾ ਮਾਣ ਦਿੱਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲਾ ਹਰ ਮਨੁੱਖ ਜਿਥੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਦ੍ਰਿੜ੍ਹ ਕਰਦਾ ਹੈ, ਉਥੇ ਹੀ ਭੱਟ ਸਾਹਿਬਾਨ ਦੀ ਬਾਣੀ ਨੂੰ ਵੀ ਗਾਇਨ ਅਤੇ ਸਰਵਣ ਕਰਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਜੀਵਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਪਰਮਜੀਤ ਸਿੰਘ ਦੁਨੀਆਮਾਜਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਭੱਟ ਭਾਈਚਾਰੇ ਵੱਲੋਂ ਸ. ਮਾਨ ਸਿੰਘ ਸਵਾਲੀ, ਸ. ਬਲਦੇਵ ਸਿੰਘ ਰਠੌਰ, ਸ. ਗੁਰਮੇਜ ਸਿੰਘ, ਸ. ਦਲਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਸੰਦੀਪ ਸਿੰਘ, ਸ. ਪ੍ਰੀਤਮ ਸਿੰਘ, ਸ. ਗੁਰਬਚਨ ਸਿੰਘ, ਸ. ਸੇਵਾ ਸਿੰਘ, ਸ. ਕਰਮਜੀਤ ਸਿੰਘ, ਸ. ਦਿਲਬਾਗ ਸਿੰਘ, ਸ. ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।