ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਅਨਮੋਲਸ਼ੇਰ ਸਿੰਘ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ। ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ‘ਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਇਸੇ ਤਹਿਤ ਹੀ ਅਨਮੋਲਸ਼ੇਰ ਸਿੰਘ ਨੂੰ ਹੌਂਸਲਾ ਅਫਜ਼ਾਈ ਵਜੋਂ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਇਸ ਪ੍ਰਾਪਤੀ ਨੂੰ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਦੱਸਦਿਆਂ ਕਿਹਾ ਕਿ ਸਿਰੜ, ਸਖਤ ਮਿਹਨਤ, ਵੱਡਿਆਂ ਦਾ ਆਸ਼ੀਰਵਾਦ ਅਤੇ ਪ੍ਰਾਮਤਮਾ ਦੀ ਕਿਰਪਾ ਨਾਲ ਕਿਸੇ ਵੀ ਮੰਜ਼ਿਲ ਨੂੰ ਹਾਸਲ ਕੀਤਾ ਜਾ ਸਕਦਾ ਹੈ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਅਨਮੋਲਸ਼ੇਰ ਸਿੰਘ ਦੇ ਘਰ ਪਹੁੰਚੇ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਇਸ ਪ੍ਰਾਪਤੀ ਲਈ ਮੁਬਾਰਕਬਾਦ ਵੀ ਦਿੱਤੀ। ਇਸੇ ਦੌਰਾਨ ਪ੍ਰੋ: ਬਡੂੰਗਰ ਨੇ ਅਨਮੋਲਸ਼ੇਰ ਸਿੰਘ ਤੇ ਉਸਦੇ ਪਰਿਵਾਰ ਨਾਲ ਟੈਲੀਫੋਨ ‘ਤੇ ਗੱਲਬਾਤ ਵੀ ਕੀਤੀ ਅਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।