ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਅੰਮ੍ਰਿਤਸਰ ੩੦ ਮਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਇਸ ਦੀ ਖੂਬਸੂਰਤੀ ਬਣੀ ਰਹੇ ਅਤੇ ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾ ਸਕਣ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ ਪਿਛਲੀ ਅਕਾਲੀ ਸਰਕਾਰ ਵੱਲੋਂ ਬਣਾਇਆ ਗਿਆ ਸੀ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਇਸ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ‘ਤੇ ਜਿਥੇ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੈ, ਉਥੇ ਹੀ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਬਾਹਰ ਸਮਾਨ ਵਧਾ ਕੇ ਇਸ ਦੀ ਸੁੰਦਰ ਦਿੱਖ ਨੂੰ ਵਿਗਾੜ ਰਹੇ ਹਨ। ਇਸ ਤੋਂ ਇਲਾਵਾ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੰਗਤਾਂ ਲਈ ਖ਼ਤਰਾ ਬਣੀ ਹੋਈ ਹੈ। ਉਨ੍ਹਾਂ ਮਾਰਗ ‘ਤੇ ਕੁਝ ਥਾਵਾਂ ਤੋਂ ਟੁੱਟ ਰਹੀਆਂ ਟਾਈਲਾਂ ਵੱਲ ਸਰਕਾਰ ਦਾ ਧਿਆਨ ਦਵਾਉਂਦਿਆਂ ਕਿਹਾ ਕਿ ਜਿਥੇ ਕਿਤੇ ਵੀ ਮੁਰੰਮਤ ਦੀ ਲੋੜ ਹੋਵੇ ਉਹ ਨਾਲੋ-ਨਾਲ ਕਰਵਾਈ ਜਾਵੇ। ਸ. ਬੇਦੀ ਨੇ ਕਿਹਾ ਕਿ ਇਸ ਵਿਰਾਸਤੀ ਮਾਰਗ ਦੀ ਖੂਬਸੂਰਤੀ ਬਰਕਰਾਰ ਰੱਖਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਦੂਸਰੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰ ਸਕਦੀ ਤਾਂ ਇਸ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਦਿੱਤਾ ਜਾਵੇ, ਤਾਂ ਜੋ ਇਥੇ ਸਾਫ਼ ਸਫਾਈ ਦੇ ਨਾਲ-ਨਾਲ ਸੰਗਤਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।