ਅੰਮ੍ਰਿਤਸਰ, 26 ਅਗਸਤ- ਉੱਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ‘ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਯੂ.ਪੀ. ਦੇ ਸ਼ਾਹਜਹਾਨਪੁਰ ਜਿਲ੍ਹੇ ਵਿਚ ਪੈਂਦੇ ਕਸਬਾ ਬੰਡਾ ਵਿਖੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਮਾਹੌਲ ਸ਼ਾਂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਤਕਰਾਰ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਨੇ ਸਿੱਖਾਂ ‘ਤੇ ਹਮਲਾ ਕੀਤਾ ਅਤੇ ਸਥਾਨਕ ਪੁਲਿਸ ਦੇ ਦਖਲ ਨਾਲ ਹਾਲਾਤ ‘ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਇੱਕ ਟੀਮ ਵੀ ਸ਼ਾਹਜਨਾਹਪੁਰ ਭੇਜੀ ਜਾ ਰਹੀ ਹੈ। ਉਨ੍ਹਾਂ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਟਕਰਾਅ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ।