ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

ਸਕੂਲਾਂ ਅਤੇ ਕਾਲਜਾਂ ਦੀਆਂ ਖਾਲਸਾਈ ਖੇਡਾਂ 2017 ਦਾ ਕੀਤਾ ਐਲਾਨ

ਮਾਤਾ ਗੁਜਰੀ ਕਾਲਜ ਵਿਖੇ ਖੇਡਾਂ ਸਬੰਧੀ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸ੍ਰੀ ਫਤਹਿਗੜ੍ਹ ਸਾਹਿਬ, 2 ਅਗਸਤ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਦੀਆਂ ਵਿਰਾਸਤੀ ਖੇਡਾਂ 24 ਤੋਂ 26 ਸਤੰਬਰ 2017 ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਜਾਣਗੀਆਂ ਜਦਕਿ ਕਾਲਜਾਂ ਪੱਧਰ ਦੀਆਂ ਖੇਡਾਂ 13, 14 ਤੇ 15 ਅਕਤੂਬਰ ਨੂੰ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾਣਗੀਆਂ। ਉਹ ਅੱਜ ਵਿਦਿਆਰਥੀਆਂ ਨੂੰ ਖੇਡਾਂ ਵੱਲ ਰੁਚਿਤ ਕਰਨ ਲਈ ਸ਼੍ਰੋਮਣੀ ਕਮੇਟੀ ਅਧੀਨ ਚੱਲਦੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਤੇ ਕੋਚਾਂ ਦੀ ਮਾਤਾ ਗੁਜਰੀ ਕਾਲਜ ਵਿਖੇ ਹੋਈ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨਰੋਈ ਸਿਹਤ ਦੀ ਵੀ ਵਿਸ਼ੇਸ਼ ਅਹਿਮੀਅਤ ਹੋਣ ਕਾਰਨ ਨੌਜੁਆਨੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਵਿਦਿਅਕ ਅਦਾਰਿਆਂ ਦੇ ਮੁਖੀ ਵਿਦਿਆਰਥੀਆਂ ਅੰਦਰ ਖੇਡ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਯਤਨ ਕਰਨ।

ਪ੍ਰੋ: ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੱਤਕਾ, ਹਾਕੀ ਤੇ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਤਿਆਰ ਕੀਤੀ ਗਈ ਵਿਸ਼ੇਸ਼ ਖੇਡ ਯੋਜਨਾ ਨੂੰ ਵਿਦਿਅਕ ਅਦਾਰਿਆਂ ਵਿਚ ਵਿਆਪਕ ਪੱਧਰ ‘ਤੇ ਲਾਗੂ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ/ਕਾਲਜਾਂ ਦੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਤਕ ਪਹੁੰਚਾਉਣ ਲਈ ਮੰਚ ਮੁਹੱਈਆ ਕਰਵਾਏਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲੇਦਵ ਸਿੰਘ ਕਾਇਮਪੁਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਚਾਨਣ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਡਾ. ਧਰਮਿੰਦਰ ਸਿੰਘ ਉਭਾ ਡਾਇਰੈਕਟਰ, ਡਾ. ਪਰਮਿੰਦਰ ਕੌਰ ਡਾਇਰੈਕਟਰ ਸਪੋਰਟਸ, ਡਾ. ਜਤਿੰਦਰ ਸਿੰਘ ਸਿੱਧੂ, ਡਾ. ਵੰਦਨਾ ਨਰੂਲਾ, ਪ੍ਰਿੰਸੀਪਲ ਸਤਵੰਤ ਕੌਰ, ਜੈਪਾਲ ਸਿੰਘ ਨੈਸ਼ਨਲ ਅਵਾਰਡੀ, ਸ. ਗੁਰਦੀਪ ਸਿੰਘ ਮੈਨੇਜਰ, ਸ. ਤਜਿੰਦਰ ਸਿੰਘ ਪੱਡਾ ਇੰਚਾਰਜ ਆਦਿ ਹਾਜ਼ਰ ਸਨ।