ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਵਿਸ਼ਾਲ ਗੁਰਮਤਿ ਸਮਾਗਮ ਅਤੇ ਡਿਜੀਟਲ ਧਰਮ ਪ੍ਰਚਾਰ ਮੁਹਿੰਮ ਵਿੱਢਣ ਦਾ ਫੈਸਲਾ
ਗੁਰਮਤਿ ਕਾਲਜਾਂ ਦੇ ਸਟਾਫ ਅਤੇ ਧਾਰਮਿਕ ਅਧਿਆਪਕਾਂ ਦੇ ਰਿਫਰੈਸ਼ਰ ਕੋਰਸ ਲਗਾਏ ਜਾਣਗੇ
ਅੰਮ੍ਰਿਤਸਰ, 17 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੇ ਨਾਲ-ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿੰਡਾਂ ਤੇ ਸ਼ਹਿਰਾਂ ਅੰਦਰ ਗੁਰਮਤਿ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰ-ਇਤਿਹਾਸ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ-ਨਾਲ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਸਮੇਂ ਦੀ ਲੋੜ ਅਨੁਸਾਰ ਧਰਮ ਪ੍ਰਚਾਰ ਲਹਿਰ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਲਿਜਾਣ ਦੇ ਮਕਸਦ ਨਾਲ ਡਿਜ਼ੀਟਲ ਮਾਧਿਅਮ ਰਾਹੀਂ ਵੀ ਸਿੱਖੀ ਪ੍ਰਚਾਰ ਦੇ ਪ੍ਰੋਗਰਾਮ ਕਰੇਗੀ। ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿਚ ਪ੍ਰਚਾਰਕ ਜਥੇ ਭੇਜੇ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਹਰ ਹਲਕੇ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾਂਦੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਹਰ ਪਿੰਡ ਵਿਚ ਇਕ ਮਹੀਨਾ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਅਤੇ ਕੈਂਪ ਦੀ ਸਮਾਪਤੀ ਸਮੇਂ ਨਸ਼ਿਆਂ ਵਿਰੁੱਧ ਮਾਰਚ ਕੱਢਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੌਜੂਦਾ ਸਮਾਂ ਤਕਨੀਕ ਦਾ ਹੈ, ਜਿਸ ਨੂੰ ਵੇਖਦਿਆਂ ਡਿਜੀਟਲ ਮਾਧਿਅਮ ਰਾਹੀਂ ਵੀ ਸਿੱਖੀ ਪ੍ਰਚਾਰ ਕੀਤਾ ਜਾਵੇਗਾ। ਇਸ ਤਹਿਤ ਸੋਸ਼ਲ ਮੀਡੀਆਂ ਦੇ ਮੰਚਾਂ ਤੋਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਧਰਮ ਪ੍ਰਚਾਰ ਦਾ ਕਾਰਜ ਕਰਨਗੇ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਦਿਅਕ ਅਦਾਰਿਆਂ ਵਿਚ ਧਾਰਮਿਕ ਸਿੱਖਿਆ ਦੇ ਰਹੇ ਅਧਿਆਪਕਾਂ ਅਤੇ ਗੁਰਮਤਿ ਕਾਲਜਾਂ ਤੇ ਵਿਦਿਆਲਿਆਂ ਦੇ ਸਟਾਫ ਦੇ 5 ਰੋਜ਼ਾ ਗੁਰਮਤਿ ਕੈਂਪਾਂ ਦਾ ਆਯੋਜਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਗੁਰਮਤਿ ਸਿੱਖਿਆ ਅਤੇ ਅਧਿਆਪਨ ਸੇਧਾਂ ਦੇ ਵਿਸ਼ੇ ਤਹਿਤ ਇਨ੍ਹਾਂ ਰਿਫਰੈਸ਼ਰ ਕੈਂਪਾਂ ਦੌਰਾਨ ਗੁਰਮਤਿ ਦੇ ਮਾਹਿਰ ਵਿਦਵਾਨ ਸੰਬੋਧਨ ਕਰਨਗੇ ਅਤੇ ਇਸ ਦੇ ਨਾਲ ਹੀ ਮੌਜੂਦਾ ਪੰਥਕ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਨੌਜੁਆਨੀ ਨੂੰ ਤਿਆਰ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਦਾ ਸਰਲੀਕਰਨ ਕੀਤਾ ਗਿਆ।
ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਇੰਚਾਰਜ ਸ. ਹਰਭਜਨ ਸਿੰਘ ਵਕਤਾ ਤੇ ਸ. ਵਰਿੰਦਰ ਸਿੰਘ ਠਰੂ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਮੌਜੂਦ ਸਨ।
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕਮੇਟੀ ਦਾ ਐਡਵੋਕੇਟ ਧਾਮੀ ਨੇ ਕੀਤਾ ਵਿਸਥਾਰ
ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵਿਚ 2 ਹੋਰ ਮੈਂਬਰ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨੂੰ ਕਮੇਟੀ ਵਿਚ ਲਿਆ ਗਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਥਾਪਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਪੰਜਾਬ ਤੋਂ ਬਾਹਰਲੇ 2 ਤਖ਼ਤ ਸਾਹਿਬਾਨ ਦੀਆਂ ਕਮੇਟੀਆਂ ਦੇ ਪ੍ਰਧਾਨ ਨੁਮਾਇੰਦਿਆਂ ਵਜੋਂ ਲਏ ਗਏ ਹਨ, ਤਾਂ ਜੋ ਪੂਰੇ ਦੇਸ਼ ਦੀ ਅਵਾਜ਼ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 19 ਮਈ ਨੂੰ ਇਸ ਕਮੇਟੀ ਦੀ ਇਕੱਤਰਤਾ ਵਿਚ ਭਵਿੱਖੀ ਰੂਪ-ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੀ ਸਥਾਨਕ ਮੈਂਬਰ ਬੀਬੀ ਜੋਗਿੰਦਰ ਕੌਰ ਅਤੇ ਗੁਰਦੁਆਰਾ ਹਾਜੀਰਤਨ ਬਠਿੰਡਾ ਦੇ ਮੈਨੇਜਰ ਨੂੰ ਦੋਸ਼ੀਆਂ ਖਿਲਾਫ ਪੁਲਿਸ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਸਰਕਾਰ ਇਸ ਘਿਨੌਣੀ ਹਰਕਤ ਕਰਨ ਵਾਲਿਆਂ ’ਤੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਚ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।