ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਵੀਰਵਾਰ, ੧੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੫ (ਅੰਗ: ੮੦੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਤਖਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿਚ ਅਨੈਤਿਕ ਹਰਕਤ ਕਰਨ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ।
ਗੁਰਦੁਆਰਾ ਸੇਵਾ ਵਿਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ –ਪ੍ਰੋ. ਕਿਰਪਾਲ ਸਿੰਘ ਬਡੂੰਗਰ।
ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਨਰਸਰੀ ਸਥਾਪਤ ਕੀਤੀ ਜਾਵੇਗੀ –ਪ੍ਰੋ: ਬਡੂੰਗਰ।
ਡਾਇਰੈਕਟੋਰੇਟ ਸਿੱਖਿਆ ਦਾ ਪੁਰਾਣਾ ਢਾਂਚਾ ਭੰਗ, ਪੁਨਰ ਸਥਾਪਨਾ ਨੂੰ ਮਨਜ਼ੂਰੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਧਰਮੀ ਫੌਜੀਆਂ ਦੀਆਂ ਮੰਗਾਂ ਪ੍ਰਵਾਨ।
ਰਾਇ ਬੁਲਾਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ।
ਮੁੱਖ ਸਕੱਤਰ ਸ. ਹਰਚਰਨ ਸਿੰਘ ਦਾ ਅਸਤੀਫਾ ਪ੍ਰਵਾਨ।


ਸ੍ਰੀ ਫਤਹਿਗੜ੍ਹ ਸਾਹਿਬ, ੨੮ ਜੁਲਾਈ (         )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅੱਜ ਇਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਇਕ ਅਹਿਮ ਤੇ ਸਖਤ ਫੈਸਲਾ ਲੈਂਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਸਰਾਂ ਵਿਚ ਅਨੈਤਿਕ ਹਰਕਤ ਕਰਨ ਵਾਲੇ ਮੁਅੱਤਲ ਮੁਲਾਜ਼ਮਾਂ ਨੂੰ ਸਰਵਿਸ ਤੋਂ ਵਿਹਲਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੇ ਪੁਲਿਸ ਥਾਣੇ ਵਿਚ ਜਾ ਕੇ ਉਨ੍ਹਾਂ ਦੀ ਮਦਦ ਕੀਤੀ ਉਨ੍ਹਾਂ ਵਿਰੁੱਧ ਵੀ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇੱਕ ਵਾਇਰਲ ਹੋਈ ਵੀਡੀਓ ਵਿਚ ਸ਼ਰਾਬ ਪੀਂਦੇ ਸ਼੍ਰੋਮਣੀ ਕਮੇਟੀ ਦੇ ਦੋ ਮੁਲਾਜ਼ਮਾਂ ਨੂੰ ਵੀ ਨੌਕਰੀ ਤੋਂ ਵਿਹਲਾ ਕਰਨ ਦਾ ਫੈਸਲਾ ਲਿਆ ਗਿਆ। ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਖਤ ਸ਼ਬਦਾਂ ਵਿਚ ਕਿਹਾ ਕਿ ਗੁਰਦੁਆਰਾ ਸੇਵਾ ਵਿਚ ਮਾੜੇ ਚਰਿੱਤਰ ਵਾਲੇ ਮੁਲਾਜ਼ਮਾਂ ਲਈ ਕੋਈ ਥਾਂ ਨਹੀਂ ਅਤੇ ਅਜਿਹੀਆਂ ਹਰਕਤਾਂ ਵਾਲੇ ਮੁਲਾਜ਼ਮਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿਵਾਦਿਤ ਹੱਥ ਲਿਖਤ ਸਰੂਪ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਵਿਰੁੱਧ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਕਾਰਵਾਈ ਕਰਨ ਦੇ ਆਦੇਸ਼ ਨੂੰ ਅਮਲ ਵਿਚ ਲਿਆਂਦਾ ਗਿਆ ਹੈ।
ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਨੂੰ ਤਫਸੀਲ ਵਿਚ ਦੱਸਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਕਿਹਾ ਕਿ ਅੰਬਾਲਾ ਵਿਚ ਸ. ਹਰਜੀਤ ਸਿੰਘ ਨੂੰ ਬੱਸ ਵਿਚੋਂ ਉਤਾਰ ਕੇ ਕੁੱਟਮਾਰ ਕਰਨ, ਪਾਤੜਾਂ ਦੀ ਅੰਮ੍ਰਿਤਧਾਰੀ ਲੜਕੀ ਸੰਦੀਪ ਕੌਰ ਨੂੰ ਇਕ ਥਾਣੇਦਾਰ ਵੱਲੋਂ ਗਾਲੀ ਗਲੋਚ ਕਰਨ ਅਤੇ ਜ਼ੀਰਕਪੁਰ ਵਿਚ ਸਿੱਖ ਡਰਾਈਵਰ ਨੂੰ ਬੱਸ ਵਿਚੋਂ ਉਤਾਰ ਕੇ ਕੁੱਟਣ ਦੀਆਂ ਘਟਨਾਵਾਂ ਦੀ ਸਖਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਸਿੱਖ ਵਿਰੋਧੀ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਮੇਤ ਸੂਬਿਆਂ ਦੀਆਂ ਸਰਕਾਰਾਂ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਲਦੇਵ ਸਿੰਘ ਸੜਕਨਾਮਾ ਦੀ ਪੁਸਤਕ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਬਾਰੇ ਗਲਤ ਟਿੱਪਣੀਆਂ ਕਰਨ ਦੀਆਂ ਮਿਲੀਆਂ ਰਿਪੋਰਟਾਂ ਨੂੰ ਦੁੱਖਦਾਈ ਦੱਸਦਿਆਂ ਕਿਹਾ ਕਿ ਇਸ ਪੁਸਤਕ ਨੂੰ ਵਾਚਣ ਲਈ ਇੱਕ ੩ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਹੋਰ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੁਲਤਾਨਪੁਰ ਲੋਧੀ ਵਿਖੇ ਇੱਕ ਨਰਸਰੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਗਈ ਵਾਤਾਵਰਣ ਸੰਭਾਲ ਲਹਿਰ ਨੂੰ ਲੋਕ ਲਹਿਰ ਵਜੋਂ ਸਥਾਪਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸੇ ਤਹਿਤ ਹੀ ੨ ਏਕੜ ਰਕਬੇ ਵਿਚ ਨਰਸਰੀ ਸਥਾਪਤ ਕਰਕੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਤਿਆਰ ਕੀਤੇ ਜਾਣਗੇ।
ਉਨ੍ਹਾਂ ਇਕੱਤਰਤਾ ਦੌਰਾਨ ਲਏ ਇੱਕ ਹੋਰ ਅਹਿਮ ਫੈਸਲੇ ਬਾਰੇ ਦੱਸਿਆ ਕਿ ਧਰਮੀ ਫੌਜੀਆਂ ਦੀਆਂ ਪੁੱਜੀਆਂ ਮੰਗਾਂ ਨੂੰ ਵਿਚਾਰਨ ਲਈ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਮੋਟੇ ਤੌਰ ‘ਤੇ ਧਰਮੀ ਫੌਜੀਆਂ ਦੀਆਂ ਮੰਨੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਧਰਮੀ ਫੌਜੀਆਂ ਦੀ ਇਕ ਯਾਦਗਾਰ ਸਥਾਪਤ ਕੀਤੀ ਜਾਵੇਗੀ ਉਥੇ ਹੀ ਜਿਹੜੇ ਧਰਮੀ ਫੌਜੀਆਂ ਨੂੰ ਅਜੇ ਤਕ ੫੦,੦੦੦/- ਦੀ ਸਹਾਇਤਾ ਨਹੀ ਮਿਲ ਸਕੀ ਉਨ੍ਹਾਂ ਨੂੰ ਵੀ ਸਹਾਇਤਾ ਦਿੱਤੀ ਜਾਵੇਗੀ। ਜਿਹੜੇ ਧਰਮੀ ਫੌਜੀ ਲਾਪਤਾ ਹੋ ਗਏ ਸਨ ਉਨ੍ਹਾਂ ਬਾਰੇ ਸਹੀ ਜਾਣਕਾਰੀ ਲੈਣ ਉਪਰੰਤ ਸ਼ਹੀਦ ਧਰਮੀ ਫੌਜੀਆਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਧਰਮੀ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਢਾਂਚੇ ਨੂੰ ਭੰਗ ਕਰਨ ਦੀ ਘੋਸ਼ਣਾ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਡਾਇਰੈਕਟੋਰੇਟ ਦੀ ਪੁਨਰ ਸਥਾਪਨਾ ਲਈ ਸਬ ਕਮੇਟੀ ਦੀ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ੨੦੦੨ ਵਿਚ ਸਥਾਪਤ ਕੀਤੇ ਗਏ ਇਸ ਸਿੱਖਿਆ ਡਾਇਰੈਕਟੋਰੇਟ ਵਿਚ ਹੁਣ ਤਕ ਪ੍ਰਿੰਸੀਪਲਾਂ ਨੂੰ ਡਾਇਰੈਕਟਰਾਂ ਤੌਰ ‘ਤੇ ਨਿਯੁਕਤ ਕੀਤਾ ਜਾਂਦਾ ਸੀ ਪਰੰਤੂ ਹੁਣ ਨਵੇਂ ਨਿਯਮਾਂ ਤੇ ਸ਼ਰਤਾਂ ਅਨੁਸਾਰ ਵੱਖਰੇ ਡਾਇਰੈਕਟਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀਆਂ ਸਿੱਖਿਆ ਤਰਜੀਹਾਂ ਅਨੁਸਾਰ ਕੀਤਾ ਗਿਆ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ ੧੯੬੫ ਦੀ ਜੰਗ ਦੌਰਾਨ ਪੰਜਾਬ ਦੀ ਰਖਵਾਲੀ ਲਈ ਡੱਟਣ ਵਾਲੇ ਸਿੱਖ ਜਨਰਲ ਸ. ਹਰਬਖਸ਼ ਸਿੰਘ ਦੇ ਸਤਿਕਾਰ ਵਜੋਂ ੯ ਸਤੰਬਰ ਨੂੰ ਪਿੰਡ ਆਸਲ ਉਤਾੜ (ਖੇਮਕਰਨ) ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਦੇਸ਼ ਅਤੇ ਕੌਮ ਲਈ ਯੋਗਦਾਨ ਪਾਉਣ ਵਾਲੇ ਸਿੱਖ ਯੋਧਿਆਂ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੱਬੀ ਨੂਰ ਅੱਗੇ ਸੀਸ ਝੁਕਾਉਣ ਵਾਲੇ ਰਾਇ ਬੁਲਾਰ ਜੀ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਜੂਨ ੧੯੮੪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਮਲੇ ਬਾਰੇ ਬਰਤਾਨੀਆ ਸਰਕਾਰ ਦੀ ਭੂਮਿਕਾ ਦੇ ਸੱਚ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਡਿਪਲੋਮੈਟਿਕ ਪੱਧਰ ‘ਤੇ ਇਸ ਸਬੰਧ ਵਿਚ ਯਤਨ ਕੀਤੇ ਜਾਣ ਅਤੇ ਇਸ ਨਾਲ ਸਬੰਧਤ ਦਸਤਾਵੇਜ਼ ਤੁਰੰਤ ਜਨਤਕ ਕਰਾਉਣ ਲਈ ਬਰਤਾਨੀਆ ਸਰਕਾਰ ‘ਤੇ ਜ਼ੋਰ ਪਾਇਆ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਇਕੱਤਰਤਾ ਦੌਰਾਨ ਮੁੱਖ ਸਕੱਤਰ ਸ. ਹਰਚਰਨ ਸਿੰਘ ਵੱਲੋਂ ਸਵੈ-ਇੱਛਤ ਤੌਰ ‘ਤੇ ਸੇਵਾ ਤਿਆਗਣ ਦੀ ਕੀਤੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ੩੧ ਜੁਲਾਈ ਨੂੰ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਮੁੱਖ ਸਕੱਤਰ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰਾਨ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਨਿਰਮਲ ਸਿੰਘ ਹਰਿਆਓ, ਸ. ਜੈਪਾਲ ਸਿੰਘ ਮੰਡੀਆ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਕੁਲਵੰਤ  ਸਿੰਘ ਮੰਨਣ, ਬੀਬੀ ਜੋਗਿੰਦਰ ਕੌਰ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਚਾਨਣ ਸਿੰਘ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਗੁਰਦੀਪ ਸਿੰਘ ਮੈਨੇਜਰ ਆਦਿ ਹਾਜ਼ਰ ਸਨ।