ਅੰਮ੍ਰਿਤਸਰ ੨੯ ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ੭ ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਖੜਕ ਸਿੰਘ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਹਿੱਸਾ ਪਾਉਣ ਵਾਲੇ ਪ੍ਰਮੁੱਖ ਸਿੱਖ ਆਗੂ ਸਨ, ਜੋ ੧੪ ਅਗਸਤ ੧੯੨੧ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ। ਉਨ੍ਹਾਂ ਦੱਸਿਆ ਕਿ ਬੇਸ਼ੱਕ ਬਾਬਾ ਖੜਕ ਸਿੰਘ ਦਾ ਜਨਮ ਦਿਹਾੜਾ ੬ ਜੂਨ ਨੂੰ ਆ ਰਿਹਾ ਹੈ, ਪਰ ੧੯੮੪ ਦੇ ਘੱਲੂਘਾਰਾ ਮੌਕੇ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੇ ਸ਼ਹੀਦੀ ਸਮਾਗਮ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਬਾ ਖੜਕ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ੭ ਜੂਨ ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਕੌਮ ਦੇ ਮਹਾਨ ਰਾਗੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਜੋੜਨਗੇ।