ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਅੰਮ੍ਰਿਤਸਰ, ੧੯ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਮੋਖਾ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਮ ਸੰਸਕਾਰ ਪਿੰਡ ਘੜੂੰਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਭਾਈ ਲੌਂਗੋਵਾਲ ਨੇ ਆਖਿਆ ਕਿ ਜਥੇਦਾਰ ਮੋਖਾ ਸਿੰਘ ਬਜ਼ੁਰਗ ਪੰਥਕ ਆਗੂ ਸਨ ਅਤੇ ਉਨ੍ਹਾਂ ਨੇ ਸਾਰੀ ਜ਼ਿੰਦਗੀ ਪੰਥਕ ਸੇਵਾ ਕਰਦਿਆਂ ਗੁਜ਼ਾਰੀ ਹੈ। ਜਥੇ: ਮੋਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਵਿਚਰਦਿਆਂ ਸਿੱਖੀ ਪ੍ਰਚਾਰ ਲਈ ਬੇਹੱਦ ਸਾਰਥਿਕ ਭੂਮਿਕਾ ਨਿਭਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਮੋਖਾ ਸਿੰਘ ਦੇ ਪਰਿਵਾਰਕ ਮੈਂਬਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵੀ ਜਥੇਦਾਰ ਮੋਖਾ ਸਿੰਘ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ ਹੈ।