ਅੰਮ੍ਰਿਤਸਰ 27 ਦਸੰਬਰ ( ) – ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਲਖਤੇ ਜ਼ਿਗਰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਭਾਈ ਪ੍ਰਗਟ ਸਿੰਘ ਅਰਦਾਸੀਆਂ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਲਿਆ।ਪੰਥ ਪ੍ਰਸਿੱਧ ਢਾਡੀ ਭਾਈ ਨਿਰਮਲ ਸਿੰਘ ਜੇਠੂਵਾਲ ਨੇ ਬੀਰ ਰਸੀ ਅਤੇ ਵੈਰਾਗਮਈ ਵਾਰਾਂ ਗਾ ਕੇ ਸੰਗਤਾਂ ਨੂੰ ਕੁਰਬਾਨੀਆਂ ਨਾਲ ਭਰੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫਰਜ਼ੰਦ ਛੋਟੇ ਲਾਲਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੇ ਦੇਸ਼, ਕੌਮ ਤੇ ਧਰਮ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦਿੱਤੀ ਹੈ ਜਿਸ ਦੀ ਦੁਨੀਆਂ ਵਿੱਚ ਕਿਤੇ ਮਿਸਾਲ ਨਹੀਂ ਮਿਲਦੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਧਰਮ ਤੇ ਕੌਮ ਲਈ ਸੱਚੇ ਪਿਆਰ ਦੀ ਜਿੱਥੇ ਹਾਮੀ ਭਰਦਾ ਹੈ, ਓਥੇ ਜ਼ਬਰ, ਜ਼ੁਲਮ ਤੇ ਜ਼ਾਲਿਮ ਖਿਲਾਫ਼ ਡੱਟਣ ਦਾ ਸੰਦੇਸ਼ ਵੀ ਦੇਂਦਾ ਹੈ ਇਹੋ ਕਾਰਣ ਸੀ ਕਿ ਜ਼ਬਰ-ਜ਼ੁਲਮ ਤੇ ਹੰਕਾਰ ਦੇ ਅੱਗੇ ਗੁਰੂ ਦੇ ਲਾਲ ਅਡੋਲ ਰਹਿ ਕੇ ਸ਼ਹੀਦੀ ਪਾ ਗਏ, ਪਰ ਆਪਣਾ ਧਰਮ ਨਹੀਂ ਛੱਡਿਆ।ਉਨ੍ਹਾਂ ਕਿਹਾ ਕਿ ਅੱਜ ਦੇ ਦਿਹਾੜੇ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗੁਰਬਾਣੀ ਦੇ ਜਾਪ ਕਰਨੇ ਚਾਹੀਦੇ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਉਹ ਆਪਣੇ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਗੁਰ ਇਤਿਹਾਸ ਨਾਲ ਜੋੜਣਗੇ।
ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ. ਹਰਜਿੰਦਰ ਸਿੰਘ ਵਧੀਕ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਭਾਈ ਗੁਰਸੇਵਕ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਭਾਈ ਗੁਰਮੁਖ ਸਿੰਘ ਪ੍ਰਚਾਰਕ ਤੋਂ ਇਲਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।