ਅੰਮ੍ਰਿਤਸਰ, ੩੧ ਮਈ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ ਲਈ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ੯ ਜੂਨ ਨੂੰ, ਜਦਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਹੋਣ ਵਾਲੇ ਸਮਾਗਮ ਲਈ ੨੧ ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਰਵਾਨਾ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜੇਕਰ ਸ਼੍ਰੋਮਣੀ ਕਮੇਟੀ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਵੀਜ਼ੇ ਜਾਰੀ ਹੁੰਦੇ ਹਨ ਤਾਂ ਜਥੇ ਪਾਕਿਸਤਾਨ ਦੇ ਗੁਰਧਾਮਾਂ ਲਈ ਰਵਾਨਾ ਕੀਤੇ ਜਾਣਗੇ। ਉਨ੍ਹਾਂ ਭੇਜੇ ਗਏ ਪਾਸਪੋਰਟਾਂ ਸਬੰਧੀ ਜਾਣਕਾਰੀ ਦਿੱਤੀ ਕਿ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਲਈ ੮੧ ਅਤੇ ਇਸੇ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ੮੨ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਜਾਣ ਵਾਲੇ ਜਥੇ ਦੇ ਆਗੂ ਸ. ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਜਥੇ ਦੇ ਆਗੂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ ਹੋਣਗੇ। ਸ. ਬੇਦੀ ਅਨੁਸਾਰ ਪਹਿਲਾ ਜਥਾ ੧੮ ਜੂਨ ਨੂੰ ਵਾਪਸੀ ਕਰੇਗਾ ਅਤੇ ਦੂਸਰੇ ਜਥੇ ਦੀ ਵਾਪਸੀ ੩੦ ਜੂਨ ਨੂੰ ਹੋਵੇਗੀ। ਸ. ਬੇਦੀ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।