** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚਾ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲੋਗੋ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਇਸ ਲੋਗੋ ਵਿਚ 100 ਸਾਲ ਪਹਿਲਾਂ ਵਾਪਰੇ ਸਾਕੇ ਦੇ ਚਿੱਤਰ ਸਮੇਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਤਸਵੀਰ ਲਗਾਈ ਗਈ ਹੈ। ਇਸ ਦੇ ਨਾਲ ਹੀ ਖਾਲਸਈ ਨਿਸ਼ਾਨ ਸਮੇਤ 100 ਸਾਲਾ ਚਿੰਨ੍ਹ ਵੀ ਲੋਗੋ ਦਾ ਹਿੱਸਾ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲੋਗੋ ਜਾਰੀ ਕਰਨ ਮੌਕੇ ਕਿਹਾ ਕਿ ਸ਼ਤਾਬਦੀ ਦੇ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਚੇਤੰਨਤਾ ਅਤੇ ਉਤਸ਼ਾਹ ਪੈਦਾ ਕਰਨ ਲਈ ਲੋਗੋ, ਸੱਦਾ ਪੱਤਰ, ਹੋਰਡਿੰਗ ਆਦਿ ਪ੍ਰਚਾਰ ਸਮੱਗਰੀ ਵੱਡਾ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਲੈ ਕੇ ਮੁੱਢਲੇ ਰੂਪ ਵਿਚ ਆਰੰਭੇ ਗਏ ਕਾਰਜਾਂ ਤਹਿਤ ਲੋਗੋ ਜਾਰੀ ਕੀਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਦੋਹਾਂ ਦਿਹਾੜਿਆਂ ਸਬੰਧੀ ਕਿਤਾਬਚੇ ਵੀ ਜਾਰੀ ਕੀਤੇ ਜਾਣਗੇ। ਇਸ ਮੌਕੇ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੋਹਨ ਸਿੰਘ ਬੰਗੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਮੇਜਰ ਸਿੰਘ, ਸ. ਕਰਤਾਰ ਸਿੰਘ ਆਦਿ ਮੌਜੂਦ ਸਨ।