** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, 01 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੱਤਿਆ ਨੂੰ ਮੰਗਭਾਗਾ ਕਰਾਰ ਦਿੰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੱਸਣਾ ਬਣਦਾ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ ਵਿਖੇ ਇੱਕ ਪੰਜਾਬੀ ਟਰੱਕ ਡਰਾਈਵਰ ਹਰਦੀਪ ਸਿੰਘ ਟਿਵਾਣਾ ਜੋ ਨਾਭਾ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਦਾ ਰਹਿਣ ਵਾਲਾ ਸੀ, ਦੀ ਗੋਲੀਆਂ ਵਿੰਨੀ ਲਾਸ਼ ਉਸ ਦੇ ਅਪਾਰਟਮੈਂਟ ਵਿੱਚੋਂ ਮਿਲੀ ਸੀ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਜਿਥੇ ਪੰੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਆਪਣਾ ਸਥਾਨ ਬਣਾਇਆ ਹੈ, ਉਥੇ ਹੀ ਵੱਖ-ਵੱਖ ਮੁਲਕਾਂ ਦੀ ਤਰੱਕੀ ਵਿਚ ਵੀ ਇਨ੍ਹਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਆਖਿਆ ਕਿ ਦੁਖਦ ਪਹਿਲੂ ਇਹ ਹੈ ਕਿ ਅਮਨ ਪਸੰਦ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਨਸਲੀ ਵਿਤਕਰਿਆਂ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਹਾਲੀਆ ਵਾਪਰੀ ਘਟਨਾ ਨੂੰ ਵੀ ਉਨ੍ਹਾਂ ਨੇ ਨਸਲੀ ਵਿਤਕਰੇ ਨਾਲ ਜੁੜੀ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸਮਾ ਸਵਰਾਜ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਸਿੱਖਾਂ ਤੇ ਪੰਜਾਬੀਆਂ ਨਾਲ ਵਾਪਰਦੀਆਂ ਅਜਿਹੀਆਂ ਦੁਖਮਈ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ ਅਤੇ ਹਰਦੀਪ ਸਿੰਘ ਟਿਵਾਣਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵੀ ਅਮਰੀਕਾ ਸਰਕਾਰ ਨਾਲ ਗੱਲ ਕੀਤੀ ਜਾਵੇ।