ਅੰਮ੍ਰਿਤਸਰ, ੨੬ ਅਕਤੂਬਰ ( )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਬਾਦਸ਼ਾਹੀ ਬਾਗ ਅੰਬਾਲਾ ਵਿਖੇ ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ੨੮ ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਗੁਰਮਤਿ ਸਮਾਗਮ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ, ਉਥੇ ਹੀ ਗੁਰਦੁਅਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੀ ਕਥਾ ਵਿਚਾਰਾਂ ਦੁਆਰਾ ਗੁਰਮਤਿ ਦੇ ਸਿਧਾਂਤਾਂ ਅਤੇ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੋੜਨਗੇ। ਇਸ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਰਾਗੀ ਭਾਈ ਗੁਰਦਿੱਤ ਸਿੰਘ, ਕਵੀਸ਼ਰ ਜਥਾ ਭਾਈ ਗੁਰਜੀਤ ਸਿੰਘ ਭੱਠਲ ਅਤੇ ਪੰਥ ਪ੍ਰਸੱਧ ਢਾਡੀ ਜਥਾ ਗਿਆਨੀ ਗੁਰਚਰਨ ਸਿੰਘ ਬੀਏ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ।
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸੰਗਤਾਂ ਅਤੇ ਖਾਸਕਰ ਸਿੱਖ ਨੌਜਵਾਨੀ ਨੂੰ ਗੁਰਮਤਿ ਸਭਿਆਚਾਰ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ੧ ਜੁਲਾਈ ਤੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਅੱੱਜ ਵਿਸ਼ਾਲ ਰੂਪ ਅਖਤਿਆਰ ਕਰ ਚੁੱਕੀ ਹੈ ਅਤੇ ਇਸ ਅਨੁਸਾਰ ਦੇਸ਼ ਭਰ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਧਰਮ ਦੇ ਸਿਧਾਂਤਾਂ ਤੇ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਮ ਪ੍ਰਚਾਰ ਲਹਿਰ ਦੇ ਸਮਾਗਮਾਂ ਵਿਚ ਜਿਥੇ ਆਪ ਵਧ ਚੜ੍ਹ ਕੇ ਹਾਜ਼ਰੀਆਂ ਭਰਨ ਉਥੇ ਹੀ ਬੱਚਿਆਂ ਦੀ ਹਾਜ਼ਰੀ ਨੂੰ ਵੀ ਲਾਜਮੀ ਬਣਾਉਣ।